ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ
21 ਤੋਂ 29 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣਗੇ ਸਮਾਗਮ; ਧਾਮੀ ਨੂੰ ਕਰੋਡ਼ ਦੇ ਕਰੀਬ ਸੰਗਤ ਦੇ ਪੁੱਜਣ ਦੀ ਉਮੀਦ
ਬੀ ਐੱਸ ਚਾਨਾ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ 21 ਤੋਂ 29 ਨਵੰਬਰ ਤੱਕ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਕਰੋੜ ਦੇ ਕਰੀਬ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ 16 ਨਵੰਬਰ ਨੂੰ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ 35 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ ਜਾਣਗੇ, ਜਦੋਂਕਿ 21 ਨਵੰਬਰ ਤੋਂ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਨਾਨਕਸਰ ਮਟਨ ਸਾਹਿਬ (ਕਸ਼ਮੀਰ) ਤੋਂ ਸ਼ੁਰੂ ਹੋਇਆ ਨਗਰ ਕੀਰਤਨ 18 ਨਵੰਬਰ, ਜਦੋਂਕਿ ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ 23 ਨਵੰਬਰ ਨੂੰ ਆਨੰਦਪੁਰ ਸਾਹਿਬ ਪੁੱਜੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਰਿਹਾਇਸ਼, ਲੰਗਰ, ਮੈਡੀਕਲ ਸਹੂਲਤਾਂ ਅਤੇ ਟਰੈਫਿਕ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ, ਤਾਂ ਜੋ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਇਤਿਹਾਸਕ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਗੁਰੂ ਕੇ ਮਹੱਲ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਵੀ ਮੱਥਾ ਟੇਕਿਆ।

