ਲੁਧਿਆਣਾ (ਗੁਰਿੰਦਰ ਸਿੰਘ): ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਤੇ ਮਹਿਲਾ ਵਿੰਗ ਦੀ ਪ੍ਰਧਾਨ ਗੁਰਦੀਪ ਕੌਰ ਨੇ ਅੱਜ ਸ਼ਹੀਦ ਕਰਨੈਲ ਸਿੰਘ ਨਗਰ ਵਿੱਚ ਅਟਲ ਅਪਾਰਟਮੈਂਟ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਹਾਜ਼ਰੀ ਵਿੱਚ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਦੀ ਅਗਵਾਈ ਹੇਠ ਵਰਕਰ ਮੁੱਖ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਦੇਣਾ ਚਾਹੁੰਦੇ ਸਨ, ਪਰ ਸੁਰੱਖਿਆ ਅਮਲੇ ਵੱਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਮੁੱਖ ਮੰਤਰੀ ਜਦੋਂ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੀ ਕਾਰ ਵੱਲ ਵੱਧ ਰਹੇ ਸਨ ਤਾਂ ਸੁਰਜੀਤ ਸਿੰਘ ਦੁੱਗਰੀ ਤੇ ਗੁਰਦੀਪ ਕੌਰ ਨੇ ਉੱਚੀ ਆਵਾਜ਼ ਵਿੱਚ ਉਨ੍ਹਾਂ ਨੂੰ ਮਿਲਣ ਦੀ ਮੰਗ ਵੀ ਕੀਤੀ, ਪਰ ਮੁੱਖ ਮੰਤਰੀ ਅੱਗੇ ਨਿਕਲ ਗਏ। ਥੋੜ੍ਹੀ ਦੇਰ ਬਾਅਦ ਮੁੱਖ ਮੰਤਰੀ ਵਾਪਸ ਆਏ ਤੇ ਸੁਰਜੀਤ ਸਿੰਘ ਦੁੱਗਰੀ ਨੂੰ ਬਾਂਹ ਤੋਂ ਫੜ ਕੇ ਇਕ ਪਾਸੇ ਲੈ ਗਏ। ਇਸ ਮੌਕੇ ਸੁਰਜੀਤ ਸਿੰਘ ਦੁੱਗਰੀ ਨੇ ਦੰਗਾ ਪੀੜਤਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ। ਸ੍ਰੀ ਚੰਨੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕਰੇਗੀ।