ਜਗਮੋਹਨ ਸਿੰਘ
ਰੂਪਨਗਰ, 20 ਜੁਲਾਈ
ਚੰਡੀਗੜ੍ਹ ਵਿੱਚ ਅਚਾਨਕ ਕਈ ਦਰੱਖਤ ਡਿੱਗਣ ਦੀਆਂ ਘਟਨਾਵਾਂ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਇਸ ਮਾਮਲੇ ਨੂੰ ਲੈ ਕੇ ਅਜੇ ਤਕ ਹਰਕਤ ’ਚ ਨਹੀਂ ਆਇਆ। ਇੱਥੋਂ ਦੇ ਸਰਕਾਰੀ ਕਾਲਜ ਰੂਪਨਗਰ ਦੇ ਕੈਂਪਸ ਵਿੱਚ ਲਗਪਗ ਇੱਕ ਦਰਜਨ ਤੋਂ ਵਧੇਰੇ ਸੁੱਕੇ ਰੁੱਖ ਖੜ੍ਹੇ ਹਨ, ਜਿਹੜੇ ਕਿ ਕਿਸੇ ਵੀ ਸਮੇਂ ਡਿੱਗ ਸਕਦੇ ਹਨ। ਪੰਜਾਬ ਸਟੂਡੈਂਟਸ ਯੂਨੀਅਨ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਰੋਹਿਤ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਦੇ ਸਾਹਮਣੇ ਲਗਪਗ ਦੋ ਕੁ ਸਾਲ ਪਹਿਲਾਂ ਇੱਕ ਵੱਡਾ ਸਾਰਾ ਰੁੱਖ ਰਾਤ ਵੇਲੇ ਡਿੱਗ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਕਾਲਜ ਰੂਪਨਗਰ ਵਿੱਚੋਂ ਸੁੱਕੇ ਦਰੱਖਤਾਂ ਨੂੰ ਤੁਰੰਤ ਕਟਵਾਇਆ ਜਾਵੇ।
ਸਰਕਾਰੀ ਕਾਲਜ ਰੂਪਨਗਰ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਵਿੱਚ ਇੱਕ ਦਰਜਨ ਤੋਂ ਵਧੇਰੇ ਸੁੱਕੇ ਰੁੱਖ ਖੜ੍ਹੇ ਹਨ, ਜਿਨ੍ਹਾਂ ਨੂੰ ਕੱਟਣ ਲਈ ਕਾਲਜ ਵੱਲੋਂ ਤਿੰਨ ਸਾਲਾਂ ਤੋਂ ਪ੍ਰਵਾਨਗੀ ਲੈਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਪ੍ਰਵਾਨਗੀ ਨਾ ਮਿਲਣ ਕਾਰਨ ਉਕਤ ਦਰੱਖਤ ਨਹੀਂ ਕੱਟੇ ਜਾ ਸਕੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਚੰਡੀਗੜ੍ਹ ਵਿੱਚ ਵਾਪਰੀ ਘਟਨਾ ਤੋਂ ਬਾਅਦ ਮੁੜ ਵਣ ਵਿਭਾਗ ਰੂਪਨਗਰ ਨੂੰ ਲੋੜੀਂਦੀ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ।
ਕੀ ਕਹਿੰਦੇ ਨੇ ਜੰਗਲਾਤ ਅਫ਼ਸਰ
ਇਸ ਸਬੰਧੀ ਜ਼ਿਲ੍ਹਾ ਜੰਗਲਾਤ ਅਫਸਰ ਰੂਪਨਗਰ ਹਰਜਿੰਦਰ ਸਿੰਘ ਨੇ ਸਰਕਾਰੀ ਕਾਲਜ ਰੂਪਨਗਰ ਵੱਲੋਂ ਦਰੱਖਤ ਕੱਟਣ ਲਈ ਪੱਤਰ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਵਿਭਾਗ ਦੀ ਬਣਦੀ ਕਾਰਵਾਈ ਕਰਨ ਲਈ ਕੱਲ੍ਹ ਨੂੰ ਹੀ ਰੇਂਜ ਅਫਸਰ ਨੂੰ ਕਾਲਜ ਵਿੱਚ ਭੇਜ ਕੇ ਰਿਪੋਰਟ ਤਿਆਰ ਕੀਤੀ ਜਾਵੇਗੀ।