ਕੁਲਦੀਪ ਸਿੰਘ
ਚੰਡੀਗੜ੍ਹ, 29 ਮਈ
ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਸੂਬੇ ਦੇ ਸਾਰੇ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮੰਗ ਪੱਤਰ ਸੌਂਪੇ ਗਏ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਅਤੇ ਕੈਸ਼ੀਅਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਦੇ ਹੱਲ ਲਈ 8, 9 ਅਤੇ 10 ਜੂਨ ਦੀ ਹੜਤਾਲ ਸਬੰਧੀ ਨੋਟਿਸ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ 2 ਜੂਨ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਨੂੰ ਮਜਬੂਰਨ 8, 9 ਅਤੇ 10 ਜੂਨ ਨੂੰ ਤਿੰਨ-ਰੋਜ਼ਾ ਹੜਤਾਲ ਕਰ ਕੇ 9 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨਾ ਪਵੇਗਾ।
ਬਿਜਲੀ ਮੰਤਰੀ ਨੂੰ ਮਿਲਿਆ ਡਿਪਲੋਮਾ ਇੰਜਨੀਅਰਾਂ ਦਾ ਵਫ਼ਦ
ਚੰਡੀਗੜ੍ਹ (ਪੱਤਰ ਪ੍ਰੇਰਕ): ਡਿਪਲੋਮਾ ਇੰਜਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਦਾ ਇੱਕ ਵਫ਼ਦ ਲੋਕ ਨਿਰਮਾਣ ਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਮਿਲਿਆ। ਸੂਬਾ ਪ੍ਰਧਾਨ ਦਿਲਪ੍ਰੀਤ ਸਿੰਘ ਲੋਹਟ ਨੇ ਦੱਸਿਆ ਕਿ ਕੈਬਨਿਟ ਮੰਤਰੀ ਨੂੰ ਵਫ਼ਦ ਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਵਫ਼ਦ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ ਹੈ।