ਜੋਗਿੰਦਰ ਸਿੰਘ ਮਾਨ
ਮਾਨਸਾ, 11 ਫਰਵਰੀ
ਪੰਜਾਬ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਚ ਸੰਯੁਕਤ ਸਮਾਜ ਮੋਰਚੇ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ ਹੈ। ਇਹ ਫੈਸਲਾ ਅੱਜ ਮਾਨਸਾ ਨੇੜਲੇ ਪਿੰਡ ਕੋਟਲੱਲੂ ਵਿਚ ਹੋਈ ਕਿਸਾਨਾਂ ਆਗੂਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਦੂਜੇ ਪਾਸੇ ਇਸ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਫ਼ਿਲਹਾਲ ਇਸ ਫ਼ੈਸਲੇ ’ਤੇ ਚੁੱਪ ਵੱਟੀ ਹੋਈ ਹੈ।
ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ, ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਜੱਗਾ ਸਿੰਘ ਬਦਰਾ, ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਗੁਲਾਬ ਸਿੰਘ ਰਾਈਆ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਜਰਨੈਲ ਸਿੰਘ ਰੋੜਾਂਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਚਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਸੰਯੁਕਤ ਸਮਾਜ ਮੋਰਚਾ ਨਾਲੋਂ ਵੱਖ ਰਹਿਣ ਦਾ ਫ਼ੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂ ਜਾਂ ਵਰਕਰ ਕਿਸੇ ਵੀ ਪਾਰਟੀ ਨੂੰ ਵੋਟ ਦੇ ਸਕਦੇ ਹਨ ਪਰ ਉਹ ਨਾ ਤਾਂ ਕਿਸੇ ਸਿਆਸੀ ਪਾਰਟੀ ਦਾ ਹਿੱਸਾ ਬਣਨਗੇ ਅਤੇ ਨਾ ਹੀ ਬਾਈਕਾਟ ਕਰਨਗੇ। ਆਗੂਆਂ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੇ ਮਸਲੇ ਸੰਘਰਸ਼ਾਂ ਨਾਲ ਹੀ ਹੱਲ ਕੀਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨੀ ਕਰਜ਼ੇ ਮੁਆਫ ਕਰਨ, ਬੇਰੁਜ਼ਗਾਰੀ ਤੇ ਨਸ਼ੇ ਖ਼ਤਮ ਕਰਨ ਦੀਆਂ ਮੰਗਾਂ ਚਿਰਾਂ ਤੋਂ ਲਟਕਦੀਆਂ ਆ ਰਹੀ ਹਾਂ। ਇਨ੍ਹਾਂ ਦਾ ਹੱਲ ਸਿਰਫ ਸੰਘਰਸ਼ ਹੀ ਹੈ।