ਜ਼ਿਮਨੀ ਚੋਣ ਵਿੱਚ ਸੱਤਾਧਾਰੀ ਧਿਰ ਦਾ ਜਿੱਤਣਾ ਵੱਡੀ ਗੱਲ ਨਹੀਂ: ਵੜਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੂਨ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਹਾਰ ਤੋਂ ਬਾਅਦ ਕਿਹਾ ਕਿ ਜ਼ਿਮਨੀ ਚੋਣ ਵਿੱਚ ਸੱਤਾਧਾਰੀ ਧਿਰ ‘ਆਪ’ ਦਾ ਜਿੱਤਣਾ ਕੋਈ ਵੱਡੀ ਗੱਲ ਨਹੀਂ ਹੈ। ਉਨ੍ਹਾਂ ਨੇ ‘ਆਪ’ ’ਤੇ ਜ਼ਿਮਨੀ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕਾਂਗਰਸ ਜ਼ਮੀਨੀ ਪੱਧਰ ਤੱਕ ਮਜ਼ਬੂਤ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਹਾਰ ਦਾ ਮੰਥਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਜ਼ਿਮਨੀ ਚੋਣ ਹੈ। ਕਾਂਗਰਸ ਦੀ ਲੜਾਈ 2027 ਦੀਆਂ ਚੋਣਾਂ ਨੂੂੰ ਮੁੱਖ ਰੱਖ ਕੇ ਜਾਰੀ ਰਹੇਗੀ। ਇਸੇ ਦੇ ਚਲਦਿਆਂ ਕਾਂਗਰਸ ਪਾਰਟੀ 2027 ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਤਰਕਪੂਰਨ ਸਿੱਟੇ ’ਤੇ ਲੈ ਕੇ ਆਵੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ‘ਆਪ’ ਅੱਜ ਜ਼ਿਮਨੀ ਚੋਣ ਵਿੱਚ ਜਿੱਤ ਦਾ ਜਸ਼ਨ ਮਨਾ ਰਹੀ ਹੈ, ਜਦੋਂਕਿ ਸਾਲ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੰਜਾਬ ’ਚ 13 ਵਿੱਚੋਂ 10 ਸੀਟਾਂ ’ਤੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।