ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੇਅਦਬੀ ਮਾਮਲਾ: ਪੰਥਕ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

ਦੋਸ਼ੀਆਂ ਖ਼ਿਲਾਫ਼ ਇੱਕ ਮਹੀਨੇ ਅੰਦਰ ਚਲਾਨ ਪੇਸ਼ ਕਰਨ ਦਾ ਅਲਟੀਮੇਟਮ ਦਿੱਤਾ; ਦਹਾਕੇ ਭਰ ਤੋਂ ਇਨਸਾਫ ਨਾ ਮਿਲਣ ਕਾਰਨ ਰੋਸ
ਬੇਅਦਬੀ ਅਤੇ ਗੋਲੀਕਾਂਡ ਦੇ ਇਨਸਾਫ ਲਈ ਮੁਜ਼ਾਹਰਾ ਕਰਦੇ ਹੋਏ ਪੰਥਕ ਆਗੂ।
Advertisement

ਬਲਵਿੰਦਰ ਸਿੰਘ ਹਾਲੀ

ਕੋਟਕਪੂਰਾ, 1 ਜੂਨ

Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਮਗਰੋਂ ਵਾਪਰੇ ਗੋਲੀ ਕਾਂਡ ਦੀ ਯਾਦ ਵਿੱਚ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ (ਜਿੱਥੋਂ ਬੇਅਦਬੀ ਦੀਆਂ ਘਟਨਾਵਾਂ ਸ਼ੁਰੂ ਹੋਈਆਂ ਸਨ) ਤੋਂ ਲੈ ਕੇ ਕੋਟਕਪੂਰਾ ਚੌਕ (ਜਿੱਥੇ ਗੋਲੀ ਕਾਂਡ ਵਾਪਰਿਆ) ਤੱਕ ਰੋਸ ਮਾਰਚ ਕੀਤਾ। ਆਗੂਆਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ 10 ਸਾਲ ਬੀਤ ਗਏ ਹਨ ਪਰ ਹਾਲੇ ਤੱਕ ਕਿਸੇ ਨੂੰ ਇਨਸਾਫ ਨਹੀਂ ਮਿਲਿਆ। ਆਗੂਆਂ ਨੇ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ 10 ਸਾਲ ਪਹਿਲਾਂ ਜੂਨ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਏ ਸਨ ਅਤੇ ਅਕਤੂਬਰ 2015 ਵਿੱਚ ਇਸ ਪਾਵਨ ਸਰੂਪ ਦੀ ਬਰਗਾੜੀ ਵਿੱਚ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਦਾ ਰੋਸ ਜਤਾ ਰਹੀ ਸੰਗਤ ’ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਚੌਕ ਵਿੱਚ ਗੋਲੀਆਂ ਚਲਾਈਆਂ ਗਈਆਂ ਸਨ। ਪੰਥਕ ਜਥੇਬੰਦੀਆਂ ਦੇ ਆਗੂ ਅੱਜ ਪੂਰੇ ਜੋਸ਼ ਵਿੱਚ ਇਥੇ ਪਹੁੰਚੇ ਅਤੇ ਸਮੇਂ ਦੀਆਂ ਸਰਕਾਰਾਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਤਿਕਾਰ ਕਮੇਟੀ ਦੇ ਆਗੂ ਸੁਖਜੀਤ ਸਿੰਘ ਖੋਸਾ ਅਤੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਬੇਅਦਬੀ ਅਤੇ ਗੋਲੀ ਕਾਂਡ ਨੂੰ 10 ਸਾਲ ਬੀਤ ਗਏ ਹਨ ਅਤੇ ਦੋ ਸਰਕਾਰਾਂ ਵੀ ਇਨਸਾਫ ਦੇਣ ਦਾ ਵਾਅਦਾ ਕਰਕੇ ਬਣੀਆਂ ਪਰ ਹਾਲੇ ਤੱਕ ਕਿਸੇ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਡੇਰਾ ਸਿਰਸਾ ਦੇ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆ ਕੇ ਪੁੱਛਗਿੱਛ ਕਰੇ ਤਾਂ ਹੀ ਬੇਅਦਬੀਆਂ ਦਾ ਸੱਚ ਸਾਹਮਣੇ ਆ ਸਕਦਾ ਹੈ। ਪੰਥਕ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਭੂਮਿਕਾ ਪੂਰੀ ਤਰ੍ਹਾਂ ਸ਼ੱਕੀ ਹੈ ਕਿਉਂਕਿ ਇਸ ਨੇ ਕੋਈ ਠੋਸ ਕਾਨੂੰਨੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੇਸਾਂ ਨੂੰ ਫਾਸਟ ਟਰੈਕ ’ਤੇ ਲਿਆ ਕੇ ਜਲਦੀ ਇਨਸਾਫ ਦੇਣ ਵੱਲ ਕਦਮ ਵਧਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮਹੀਨੇ ਦੇ ਅੰਦਰ ਅੰਦਰ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਤਾਂ ਮੁੱਖ ਮੰਤਰੀ ਭਵਗੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਾਧੂ ਸਿੰਘ, ਹਰਜਿੰਦਰ ਸਿੰਘ ਹਰੀਨੌ, ਸ਼ਰਨਜੀਤ ਸਿੰਘ ਸਰਾਂ, ਭਾਈ ਸਤਨਾਮ ਸਿੰਘ ਚੰਦੜ, ਕੁਲਵਿੰਦਰ ਸਿੰਘ ਖਾਲਸਾ, ਪਿੱਪਲ ਸਿੰਘ ਉਮਰੀਆਨਾ ਅਤੇ ਨਿਰਮਲ ਸਿੰਘ ਧਰਮਕੋਟ ਵੀ ਮੌਜੂਦ ਸਨ।

Advertisement