ਵਫ਼ਦਦਵਿੰਦਰ ਪਾਲ
ਚੰਡੀਗੜ੍ਹ, 6 ਅਗਸਤ
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਬਰਖ਼ਾਸਤ ਕੀਤੀ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀਬੀਆਈ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ। ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਾਂਗਰਸੀ ਆਗੂਆਂ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਕਮਾਏ ਪੈਸੇ ਵਸੂਲੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਅਗਵਾਈ ਹੇਠਲੇ ਵਫ਼ਦ ਨੇ ਰਾਜਪਾਲ ਨੂੰ ਇਹ ਅਪੀਲ ਵੀ ਕੀਤੀ ਕਿ ਗੈਰਕਾਨੂੰਨੀ ਸ਼ਰਾਬ ਦੇ ਵਪਾਰ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟਿਲਰੀਆਂ ਤੋਂ ਸਪਰਿਟ ਤੇ ਈਐੱਨਏ ਦੀ ਸਪਲਾਈ ਰੋਕੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੇ ਜਿਨ੍ਹਾਂ ਦੋਸ਼ੀਆਂ ਦੇ ਨਾਂ ਲਏ ਹਨ, ਖਾਸ ਤੌਰ ’ਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਜ਼ਹਿਰੀਲੀ ਸ਼ਰਾਬ ਦੇ 118 ਪੀੜਤ ਪਰਿਵਾਰ ਦੇ ਮੁੜ ਵਸੇਬੇ ਦੇ ਪ੍ਰਬੰਧ ਕਰਨ ਦੀ ਵੀ ਅਪੀਲ ਕੀਤੀ ਹੈ।