ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੂਨ
ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਫ਼ੈਸਲਾ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਲਕੇ ਸੱਦੀ ਗਈ ਸਰਬ-ਪਾਰਟੀ ਮੀਟਿੰਗ ’ਚ ਦੋਵੇਂ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਹ ਫ਼ੈਸਲਾ ਗੱਠਜੋੜ ਪਾਰਟੀਆਂ ਦੇ ਪ੍ਰਧਾਨਾਂ ਸੁਖਬੀਰ ਸਿੰਘ ਬਾਦਲ ਤੇ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਅਕਾਲੀ ਦਲ-ਭਾਜਪਾ ਆਗੂਆਂ ਨੇ ਮੀਟਿੰਗ ਤੋਂ ਬਾਅਦ ਸਾਂਝੇ ਬਿਆਨ ਰਾਹੀਂ ਕਿਹਾ ਕਿ ਸ਼ਰਾਬ ਘਪਲੇ, ਬੀਜ ਘਪਲੇ ਅਤੇ ਲੌਕਡਾਊਨ ਦੌਰਾਨ ਸੂਬੇ ਵਿੱਚ ਕੇਂਦਰ ਸਰਕਾਰ ਵੱਲੋਂ ਭੇਜਿਆ ਰਾਸ਼ਨ ਸਰਕਾਰ ਵੱਲੋਂ ਕਾਂਗਰਸੀ ਆਗੂਆਂ ਕੋਲ ਭੇਜਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇਕ ਹੋਰ ਸਰਬ-ਪਾਰਟੀ ਮੀਟਿੰਗ ਅਗਲੇ ਹਫ਼ਤੇ ਸੱਦੀ ਜਾਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਤੇ ਅਸ਼ਵਨੀ ਸ਼ਰਮਾ ਨੇ ਮੰਗ ਕੀਤੀ ਕਿ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨਾ ਉਤਪਾਦਕਾਂ ਦੇ 383 ਕਰੋੜ ਰੁਪਏ ਦੇ ਬਕਾਏ ਸਮੇਤ ਕਿਸਾਨਾਂ ਨੂੰ ਦਰਪੇਸ਼ ਹੋਰ ਮੁਸ਼ਕਿਲਾਂ, ਨੀਲੇ ਕਾਰਡ ਕੱਟੇ ਜਾਣ ਦੇ ਕਾਰਨਾਂ ਤੇ ਉਨ੍ਹਾਂ ਨੂੰ ਤੁਰੰਤ ਬਹਾਲ ਕਰਨ, ਅਨੁਸੂਚਿਤ ਜਾਤੀਆਂ ਦੇ ਬੱਚਿਆਂ ਦੀਆਂ ਸਕਾਲਰਸ਼ਿਪਾਂ ਬਾਰੇ ਵੀ ਅਗਲੀ ਸਰਬ-ਪਾਰਟੀ ਮੀਟਿੰਗ ਵਿਚ ਚਰਚਾ ਕੀਤੀ ਜਾਵੇ। ਆਗੂਆਂ ਨੇ ਗਲਵਾਨ ਘਾਟੀ ’ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।