ਗੁਰਿੰਦਰ ਸਿੰਘ
ਲੁਧਿਆਣਾ, 18 ਜੂਨ
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਅਹਿਮ ਮੁੱਦਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ ਕਰਕੇ ਪੰਜਾਬ ਦੇ ਰਾਜਪਾਲ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਅਕਾਲੀ-ਭਾਜਪਾ ਵਰਕਰਾਂ ਵਲੋਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਮੌਕੇ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ, ਰਣਜੀਤ ਸਿੰਘ ਢਿੱਲੋਂ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼ਰਨਜੀਤ ਸਿੰਘ ਢਿੱਲੋਂ, ਦਰਸ਼ਨ ਸਿੰਘ ਸ਼ਿਵਾਲਿਕ, ਸੰਤਾ ਸਿੰਘ ਉਮੈਦਪੁਰੀ, ਹਰਭਜਨ ਸਿੰਘ ਡੰਗ, ਗੁਰਦੀਪ ਸਿੰਘ ਗੋਸ਼ਾ ਅਤੇ ਜਗਬੀਰ ਸਿੰਘ ਸੋਖੀ ਆਦਿ ਵੀ ਹਾਜ਼ਰ ਸਨ। ਭਾਜਪਾ ਜਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ, ਗੁਰਦੇਵ ਸ਼ਰਮਾ, ਰਵਿੰਦਰ ਅਰੋੜਾ, ਅਨਿਲ ਸਰੀਨ ਦੀ ਅਗਵਾਈ ਹੇਠ ਵੀ ਭਾਜਪਾ ਵਰਕਰ ਹਾਜ਼ਰ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੇ ਸ਼ਰਾਬ, ਰੇਤਾ ਅਤੇ ਨਕਲੀ ਬੀਜਾਂ ਆਦਿ ਦੇ ਵੱਡੇ ਸਕੈਂਡਲਾਂ ਅਤੇ ਕਾਂਗਰਸੀ ਲੀਡਰਾਂ ਅਤੇ ਮਾਫੀਏ ਦੀ ਮਿਲੀ ਭੁਗਤ ਨਾਲ ਪੰਜਾਬ ਦੇ 5600 ਕਰੋੜ ਰੁਪਏ ਦੇ ਮਾਲੀ ਘਾਟੇ ਦੇ ਸਕੈਂਡਲ ਖ਼ਿਲਾਫ਼ ਕੋਈ ਵੀ ਢੁੱਕਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਪੱਖਪਾਤ ਕਰ ਕੇ ਕੱਟੇ ਗਏ ਨੀਲੇ ਕਾਰਡਾਂ ਨੂੰ ਮੁੜ ਬਹਾਲ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਜਾਵੇ, ਗੰਨੇ ਦੇ ਬਕਾਏ ਦੀ ਅਦਾਇਗੀ ਕੀਤੀ ਜਾਵੇ, ਅਮਨ ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਲਈ ਕਦਮ ਚੁੱਕੇ ਜਾਣ, ਲੌਕਡਾਊਨ ਦੌਰਾਨ ਪੱਤਰਕਾਰਾਂ ਖਿਲਾਫ਼ ਦਰਜ ਕੀਤੇ ਕੇਸ ਵਾਪਸ ਲਏ ਜਾਣ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ।