ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੂਨ
ਆਮ ਆਦਮੀ ਪਾਰਟੀ ਪੰਜਾਬ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਚਾਰ ਮੰਤਰੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਮੌਕਾਪ੍ਰਸਤ ਅਤੇ ਵਿਕਾਊ ਆਗੂ ਕਰਾਰ ਦਿੱਤਾ ਹੈ। ‘ਆਪ’ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ ’ਚ ਸ਼ਾਮਲ ਹਨ ਅਤੇ ਇਨ੍ਹਾਂ ਮੰਤਰੀਆਂ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਲਈ ਭਗਵਾ ਪਾਰਟੀ ’ਚ ਸ਼ਰਨ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਮਾਫੀਆ ਅਤੇ ਰੇਤ ਮਾਫੀਆ ਰਾਹੀਂ ਸੂਬੇ ਦੇ ਖਜ਼ਾਨੇ ਅਤੇ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਭਗਵਾ ਪਾਰਟੀ ਨੇ ਆਪਣੇ ਸਿਆਸੀ ਲਾਭ ਲਈ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਆਗੂਆਂ ਦੀ ਹਰ ਤਰ੍ਹਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ‘ਆਪ’ ਆਗੂ ਨੇ ਦੋਸ਼ ਲਾਇਆ ਕਿ ਸਾਬਕਾ ਕਾਂਗਰਸੀ ਆਗੂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਕਥਿਤ ਤੌਰ ’ਤੇ ਆਪਣੇ ਕਾਰਜਕਾਲ ਦੌਰਾਨ ਕੀਤੀਆਂ ਵੱਖ-ਵੱਖ ਗੈਰਕਾਨੂੰਨੀ ਕਾਰਵਾਈਆਂ ’ਚ ਉਲਝੇ ਹੋਏ ਹਨ। ਭਾਜਪਾ ਆਗੂਆਂ ਨੇ ਵੀ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਪੰਜਾਬ ਦਾ ਭਵਿੱਖ ਬਰਬਾਦ ਕਰਨ ਲਈ ਦੋਸ਼ੀ ਠਹਿਰਾਇਆ ਸੀ। ਸ੍ਰੀ ਕੰਗ ਨੇ ‘ਆਪ’ ਦੀ ਪੰਜਾਬ ਪ੍ਰਤੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।