ਸੈਣੀ ਨਕਲੀ ਪੱਗ ਨਾਲ ਪੰਜਾਬੀਆਂ ਦਾ ਦਿਲ ਨਹੀਂ ਜਿੱਤ ਸਕਦੇ: ਮਾਨ
ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੋਡ਼ਵਾਂ ਜਵਾਬ ਦਿੱਤਾ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਸਾਰੀਆਂ ਰਾਜਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪੰਜਾਬ ਵਿੱਚ ਗੇੜੇ ਵਧਾ ਦਿੱਤੇ ਗਏ ਹਨ। ਉਨ੍ਹਾਂ ਵੱਲੋਂ ਹਰ 2-3 ਦਿਨਾਂ ਮਗਰੋਂ ਪੰਜਾਬ ਵਿੱਚ ਗੇੜਾ ਮਾਰਿਆ ਜਾ ਰਿਹਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਮੋੜਵਾਂ ਜਵਾਬ ਦਿੰਦਿਆ ਕਿਹਾ ਕਿ ਉਹ ਨਕਲੀ ਪੱਗ ਰੱਖ ਕੇ ਪੰਜਾਬੀਆਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜਿਹਾ ਕਰ ਕੇ ਪੰਜਾਬੀਆਂ ਦਾ ਦਿਲ ਨਹੀਂ ਜਿੱਤਿਆ ਜਾ ਸਕਦਾ ਹੈ। ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਸਥਿਤ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਆਪਣੀ ਕਾਰ ਵਿੱਚ ਪੱਗ ਰੱਖੀ ਹੋਈ ਹੈ। ਜਦੋਂ ਉਹ ਪੰਚਕੂਲਾ ਵਿੱਚ ਹੁੰਦੇ ਹਨ ਤਾਂ ਪੱਗ ਨਹੀਂ ਰੱਖਦੇ, ਪਰ ਜਿਵੇਂ ਹੀ ਪੰਜਾਬ ਵਿੱਚ ਦਾਖ਼ਲ ਹੋਣ ਲੱਗਦੇ ਹਨ ਤਾਂ ਸਿਰ ’ਤੇ ਪੱਗ ਰੱਖ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਕਲੀ ਪੱਗ ਰੱਖ ਕੇ ਪੰਜਾਬੀਆਂ ਦਾ ਦਿਲ ਨਹੀਂ ਜਿੱਤਿਆ ਜਾ ਸਕਦਾ। ਪੰਜਾਬੀਆਂ ਦਾ ਦਿਲ ਜਿੱਤਣ ਲਈ ਮਤਰੇਆ ਸਲੂਕ ਕਰਨ ਦੀ ਥਾਂ ਉਨ੍ਹਾਂ ਨੂੰ ਦਿਲ ਦੇ ਨਾਲ ਲਾਉਣ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸ੍ਰੀ ਮਾਨ ਨੇ ਕਾਂਗਰਸ ਪਾਰਟੀ ’ਤੇ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਆਪਣੇ ਅੰਦਰੂਨੀ ਕਾਟੋ-ਕਲੇਸ਼ ਵਿੱਚ ਉਲਝੀ ਹੋਈ ਹੈ। ਉਸ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਤੋਂ ਕੋਈ ਮਤਲਬ ਨਹੀਂ ਹੈ।
ਗੁਰੂ ਸਾਹਿਬਾਨ ਦਾ ਕੀਤਾ ਅਪਮਾਨ: ਨਾਇਬ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵੰਤ ਮਾਨ ਨੇ ‘ਨਕਲੀ ਪੱਗ’ ਵਾਲੀ ਜੋ ਗੱਲ ਕਹੀ ਹੈ, ਉਹ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਹੈ। ਇਹ ਪੱਗ ਗੁਰੂ ਸਾਹਿਬਾਨ ਦੇ ਸਤਿਕਾਰ ਦਾ ਪ੍ਰਤੀਕ ਹੈ। ਮਾਨ ਨੇ ਪੱਗ ਨੂੰ ਨਕਲੀ ਕਹਿ ਕੇ ਗੁਰੂ ਸਾਹਿਬਾਨ ਤੇ ਪੰਜਾਬ ਦੀ ਜਨਤਾ ਦਾ ਅਪਮਾਨ ਕੀਤਾ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

