ਸੈਣੀ ਵੱਲੋਂ ‘ਆਤਮ-ਨਿਰਭਰ ਭਾਰਤ ਸੰਕਲਪ’ ਮੁਹਿੰਮ ਦਾ ਆਗਾਜ਼
ਮੁੁੱਖ ਮੰਤਰੀ ਵੱਲੋਂ ਲੋਕਾਂ ਨੂੰ ਸਵਦੇਸ਼ੀ ਵਸਤੂਆਂ ਦੀ ਵਰਤੋਂ ਕਰਨ ਦੀ ਅਪੀਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਪਾਰਟੀ ਦਫ਼ਤਰ ਵਿੱਚ ‘ਆਤਮ ਨਿਰਭਰ ਭਾਰਤ ਸੰਕਲਪ’ ਮੁਹਿੰਮ ਦਾ ਆਗਾਜ਼ ਕੀਤਾ। ਸ੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2047 ਤੱਕ ਵਿਕਸਤ ਭਾਰਤ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨੂੰ ਪੂਰਾ ਕਰਨ ਲਈ ਦੇਸ਼ ਦਾ ਆਤਮ ਨਿਰਭਰ ਹੋਣਾ ਜ਼ਰੂਰੀ ਹੈ। ਇਸ ਲਈ ਹਰਿਆਣਾ ਸਰਕਾਰ ਵੱਲੋਂ ਲੋਕਾਂ ਨੂੰ ਆਤਮ ਨਿਰਭਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ 25 ਸਤੰਬਰ ਤੋਂ 25 ਦਸੰਬਰ ਤੱਕ ਲੋਕਾਂ ਨੂੰ ਆਤਮ ਨਿਰਭਰ ਬਨਾਉਣ ਲਈ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸ੍ਰੀ ਸੈਣੀ ਨੇ ਕਿਹਾ ਕਿ ਅੱਜ ਦੇਸ਼ ਵਿੱਚ ਸਟਾਰਟਅੱਪਸ ਦੀ ਗਿਣਤੀ 1.60 ਲੱਖ ’ਤੇ ਪਹੁੰਚ ਗਈ ਹੈ, ਜੋ ਤੇਜ਼ੀ ਨਾਲ ਲਗਾਤਾਰ ਵੱਧ ਰਹੀ ਹੈ। ਇਸੇ ਤਰ੍ਹਾਂ ਦੇਸ਼ ਵਿੱਚ ਖਾਦੀ ਅਤੇ ਗ੍ਰਾਮੀਣ ਉਦਯੋਗ ਦਾ ਕਾਰੋਬਾਰ 1.70 ਲੱਖ ਕਰੋੜ ਰੁਪਏ ਤੋਂ ਪਾਰ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਰੱਖਿਆ ਖੇਤਰ ਦਾ ਸਾਮਾਨ ਬਨਾਉਣ ਅਤੇ ਮੈਡੀਕਲ ਖੇਤਰ ਵਿੱਚ ਵੱਧ ਚੜ੍ਹ ਕੇ ਕੰਮ ਕਰ ਰਿਹਾ ਹੈ, ਜਿਸ ਵੱਲੋਂ 20 ਫ਼ੀਸਦ ਦੇ ਕਰੀਬ ਜੈਨੇਰਿਕ ਦਵਾਈਆਂ ਬਣਾਈਆਂ ਗਈਆਂ ਹਨ। ਇਸੇ ਤਰ੍ਹਾਂ ਤਕਨੀਕੀ ਖੇਤਰ ਵਿੱਚ ਵੀ ਦੇਸ਼ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਅੱਜ ਦੇਸ਼ ਵਿੱਚ ਵਿਕਣ ਵਾਲੇ 99 ਫ਼ੀਸਦ ਮੋਬਾਈਲ ਭਾਰਤ ਵਿੱਚ ਹੀ ਤਿਆਰ ਕੀਤੇ ਜਾ ਰਹੇ ਹਨ। ਸ੍ਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਭਾਜਪਾ ਵੱਲੋਂ ਲੋਕਾਂ ਨੂੰ ਸਵਦੇਸ਼ੀ ਵਸਤੂਆਂ ਦੀ ਵਰਤੋਂ ਕਰਨ ਅਤੇ ਆਪਣੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ।