ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੂਨ
ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੇ ਸਾਕਾ ਨੀਲਾ ਤਾਰਾ (ਫੌਜੀ ਹਮਲੇ) ਦੌਰਾਨ ਮਾਰੇ ਗਏ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਘੱਲੂਘਾਰਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕਰਵਾਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਘਰਾਂ ਵਿੱਚ ਰਹਿ ਕੇ ਹੀ ਅਰਦਾਸ ਕਰੇ। 6 ਜੂਨ ਨੂੰ ਇਸ ਵਾਰ ਜਿਥੇ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ, ਉਥੇ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਦੋਵੇਂ ਦਿਵਸ ਇਕੱਠੇ ਮਨਾਏ ਜਾਣਗੇ। ਅੱਜ ਦੋਵਾਂ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਆਰੰਭ ਕੀਤੇ ਗਏ ਹਨ ਜਿਸ ਦੇ ਭੋਗ 6 ਜੂਨ ਨੂੰ ਪੈਣਗੇ।
ਸ੍ਰੀ ਲੌਂਗੋਵਾਲ ਨੇ ਆਖਿਆ ਕਿ ਜੂਨ 1984 ਵਿੱਚ ਵਾਪਰਿਆ ਸਾਕਾ ਨੀਲਾ ਤਾਰਾ, ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਮਨੁੱਖਤਾ ਵਿਰੋਧੀ ਕਾਰਾ ਹੈ, ਜਿਸ ਦੇ ਜ਼ਖ਼ਮ ਕਦੇ ਨਹੀਂ ਭਰ ਸਕਦੇ। ਇਸ ਫੌਜੀ ਹਮਲੇ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਮਨਾਈ ਜਾਂਦੀ ਹੈ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਪਰ ਇਸ ਵਾਰ ਕਰੋਨਾਵਾਇਰਸ ਕਾਰਨ ਸ਼ਹੀਦੀ ਸਮਾਗਮ ਸੰਖੇਪ ਰੂਪ ਵਿੱਚ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਵੱਡੀ ਗਿਣਤੀ ਵਿੱਚ ਸੰਗਤ ਦਾ ਇਕੱਠਾ ਹੋਣਾ ਠੀਕ ਨਹੀਂ ਹੈ। ਇਸ ਲਈ ਪ੍ਰਕਾਸ਼ ਪੁਰਬ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸੰਗਤ ਆਪਣੇ ਘਰਾਂ ਵਿਚ ਹੀ ਗੁਰਬਾਣੀ ਦਾ ਪਾਠ ਕਰਕੇ ਅਰਦਾਸ ਕਰਨ।
ਘੱਲੂਘਾਰਾ ਦਿਵਸ ਦੇ ਸਬੰਧ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਹੈ। ਮੀਟਿੰਗ ਵਿੱਚ ਉਨ੍ਹਾਂ ਕਰੋਨਾ ਮਹਾਂਮਾਰੀ ਸਮੇਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਾਵਧਾਨੀਆਂ ਵਰਤਣ ਲਈ ਆਖਿਆ ਹੈ।