ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਅਗਸਤ
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਨਿਹੰਗ ਜਥੇਬੰਦੀ ਨਾਲ ਸਬੰਧਤ ਪੰਜ ਪਿਆਰਿਆਂ ਵਲੋਂ ਮੁਆਫ਼ੀ ਦਿੱਤੇ ਜਾਣ ਅਤੇ ਤਨਖਾਹ ਲਾਏ ਜਾਣ ਦਾ ਮਾਮਲਾ ਅੱਜ ਭਖ਼ ਗਿਆ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ (ਹਲਕਾ ਕਾਦੀਆਂ) ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਸ੍ਰੀ ਲੰਗਾਹ ਨਾਲ ਮਿਲਵਰਤਣ ਰੱਖਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੋਵਾਂ ਨੂੰ ਆਦੇਸ਼ ਦਿੱਤੇ ਹਨ ਕਿ ਪੰਥ ਵਿਚੋਂ ਛੇਕੇ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਦਾ ਪਤਾ ਲਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਵਿਖੇ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦੇਣ ਵਾਲੀ ਨਿਹੰਗ ਜਥੇਬੰਦੀ ਤਰਨਾ ਦਲ ਚੌਂਕ ਮਹਿਤਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਪੱਸ਼ਟੀਕਰਨ ਦੇ ਕੇ ਖਿਮਾ ਯਾਚਨਾ ਕੀਤੀ ਹੈ। ਅੱਜ ਬਾਅਦ ਦੁਪਹਿਰ ਅਚਨਚੇਤੀ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਵਿਚ ਸ਼ਾਮਲ ਭਾਈ ਸੁਖਦੇਵ ਸਿੰਘ, ਭਾਈ ਮੰਗਲ ਸਿੰਘ ਅਤੇ ਭਾਈ ਦਿਲਬਾਗ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਸ੍ਰੀ ਲੰਗਾਹ ਨਾਲ ਸਬੰਧ ਰੱਖਣ ਵਾਲਿਆਂ ਖ਼ਿਲਾਫ਼ ਕਾਰਵਾਈ ਬਾਰੇ ਦੱਸਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਬਣਾਈਆਂ ਗਈਆਂ ਸਾਰੀਆਂ ਸਬ-ਕਮੇਟੀਆਂ ਵਿਚੋਂ ਇਨ੍ਹਾਂ ਦੋਵਾਂ ਮੈਂਬਰਾਂ ਨੂੰ ਹਟਾ ਦਿੱਤਾ ਜਾਵੇ। ਉੁਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਬਾਰੇ ਪਤਾ ਲਾਵੇ। ਇਕ ਸਬ ਕਮੇਟੀ ਬਣਾ ਕੇ ਜਾਂਚ ਕੀਤੀ ਜਾਵੇ ਅਤੇ ਮਗਰੋਂ ਮਿਲਵਰਤਣ ਰੱਖਣ ਵਾਲਿਆਂ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤਾ ਕਿ ਉਹ ਪੰਥ ਵਿਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਨਾਲ ਮਿਲਵਰਤਣ ਰੱਖਣ ਵਾਲੇ ਆਪਣੇ ਆਗੂਆਂ ਦੀ ਆਪਣੇ ਪੱਧਰ ’ਤੇ ਜਾਂਚ ਕਰਕੇ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰੇ। ਦੱਸਣਯੋਗ ਹੈ ਕਿ ਸੋਮਵਾਰ ਰਾਤ ਸ਼੍ਰੋਮਣੀ ਕਮੇਟੀ ਨੇ ਵੀ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸਨੰਗਲ ਦੇ ਆਪਣੇ ਤਿੰਨ ਮੁਲਾਜ਼ਮਾਂ- ਇੰਚਾਰਜ ਰਛਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਅਤੇ ਕਥਾਵਾਚਕ ਭਾਈ ਹਰਮੀਤ ਸਿੰਘ ਨੂੰ ਇਸ ਮਾਮਲੇ ਵਿਚ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ’ਤੇ ਦੋਸ਼ ਹੈ ਕਿ ਇਨ੍ਹਾਂ ਨੇ ਗੁਰਦੁਆਰੇ ਵਿਚ ਹੋਏ ਇਸ ਸਮਾਗਮ ਅਤੇ ਲੰਗਾਹ ਦੀ ਮੁਆਫ਼ੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਅਜਿਹੇ ਸਿਧਾਂਤ ਵਿਰੋਧੀ ਕੰਮ ਨੂੰ ਹੋਣ ਤੋਂ ਰੋਕਣ ਦਾ ਯਤਨ ਨਹੀਂ ਕੀਤਾ। ਇਸੇ ਦੌਰਾਨ ਨਿਹੰਗ ਜਥੇਬੰਦੀ ਤਰਨਾ ਦਲ, ਚੌਂਕ ਮਹਿਤਾ ਜਿਨ੍ਹਾਂ ਦੇ ਪੰਜ ਪਿਆਰਿਆਂ ਨੇ ਕੱਲ ਅੰਮ੍ਰਿਤਪਾਨ ਕਰਾਇਆ ਸੀ ਅਤੇ ਲੰਗਾਹ ਨੂੰ ਮੁਆਫੀ ਦਿੱਤੀ ਸੀ, ਅੱਜ ਸ੍ਰੀ ਅਕਾਲ ਤਖ਼ਤ ’ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪੇਸ਼ ਹੋ ਕੇ ਮੁਆਫ਼ੀ ਮੰਗੀ ਹੈ। ਉਨ੍ਹਾਂ ਸਪੱਸ਼ਟੀਕਰਨ ਦਿੰਦਿਆਂ ਆਖਿਆ ਕਿ ਉਨ੍ਹਾਂ ਕੋਲੋਂ ਅਣਜਾਣੇ ਵਿਚ ਇਹ ਗਲਤੀ ਹੋਈ ਹੈ। ਫਿਲਹਾਲ ਜਥੇਦਾਰ ਵਲੋਂ ਨਿਹੰਗ ਜਥੇਬੰਦੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਤੇ ਇਹ ਮਾਮਲਾ ਵਿਚਾਰ ਅਧੀਨ ਹੈ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਖ ਵੱਖ ਪੱਤਰ ਦੇ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਪੰਥ ਵਿਚੋਂ ਛੇਕੇ ਵਿਅਕਤੀ ਨੂੰ ਅੰਮ੍ਰਿਤ ਛਕਾਉਣ ਵਾਲੇ ਅਤੇ ਮੁਆਫੀ ਦੇਣ ਵਾਲੇ ਨਿਹੰਗ ਜਥੇਬੰਦੀ ਦੇ ਪੰਜ ਪਿਆਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਸ਼੍ਰੋਮਣੀ ਕਮੇਟੀ ਨੇ ਮੈਂਬਰ ਨੂੰ ਸਬ ਕਮੇਟੀਆਂ ’ਚੋਂ ਬਾਹਰ ਕੀਤਾ
ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਕਮੇਟੀ ਵਲੋਂ ਸਾਰੀਆਂ ਹੀ ਸਬ ਕਮੇਟੀਆਂ ਅਤੇ ਕਮੇਟੀਆਂ ਵਿਚੋਂ ਬਤੌਰ ਮੈਂਬਰ ਬਾਹਰ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਆਦੇਸ਼ ਦਿੱਤਾ ਸੀ ਕਿ ਇਨ੍ਹਾਂ ਮੈਂਬਰਾਂ ਨੂੰ ਸਾਰੀਆਂ ਸਬ ਕਮੇਟੀਆਂ ਵਿਚੋਂ ਵੀ ਬਾਹਰ ਕਰ ਦਿੱਤਾ ਜਾਵੇ। ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਰਾ ਨੂੰ ਸਾਰੀਆਂ ਸਬ ਕਮੇਟੀਆਂ ਵਿਚੋਂ ਬਾਹਰ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਜਿਨ੍ਹਾਂ ਦਾ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਹੈ, ਬਾਰੇ ਪਤਾ ਲਾਉਣ ਲਈ ਜਲਦੀ ਹੀ ਇਕ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ।