ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਅਗਸਤ
ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੇ ਸ੍ਰੀ ਅਕਾਲ ਤਖ਼ਤ ਸਕੱਤਰੇਤ ’ਤੇ ਪੱਤਰ ਸੌਂਪ ਕੇ ਖਿਮਾ ਯਾਚਨਾ ਦੀ ਅਪੀਲ ਕੀਤੀ ਹੈ।
ਇਨ੍ਹਾਂ ਦੋਵਾਂ ਨੂੰ ਮੰਗਲਵਾਰ ਪੰਜ ਸਿੰਘ ਸਾਹਿਬਾਨ ਵੱਲੋਂ ਪੰਥ ਵਿੱਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਰਾ ਨੂੰ ਸਾਰੀਆਂ ਕਮੇਟੀਆਂ ਅਤੇ ਸਬ ਕਮੇਟੀਆਂ ਵਿਚੋਂ ਕੱਢ ਦਿੱਤਾ ਗਿਆ ਸੀ।
ਅੱਜ ਇਨ੍ਹਾਂ ਦੋਵਾਂ ਨੇ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ’ਤੇ ਖਿਮਾ ਯਾਚਨਾ ਪੱਤਰ ਦਿੱਤੇ। ਪੱਤਰ ’ਚ ਉਨ੍ਹਾਂ ਲਿਖਿਆ ਕਿ ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਸ੍ਰੀ ਅਕਾਲ ਤਖ਼ਤ ਤੋਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਊਨ੍ਹਾਂ ਕੋਲੋਂ ਜਾਣੇ ਅਣਜਾਣੇ ਵਿਚ ਜੇ ਕੋਈ ਗ਼ਲਤੀ ਹੋਈ ਹੈ ਤਾਂ ਉਹ ਉਸ ਦੀ ਖਿਮਾ ਯਾਚਨਾ ਕਰਦੇ ਹਨ।
‘ਸਾਨੂੰ ਬਦਨਾਮ ਕੀਤਾ ਜਾ ਰਿਹੈ’
ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਗੋਰਾ ਅਤੇ ਸ੍ਰੀ ਜਫ਼ਰਵਾਲ ਨੇ ਆਖਿਆ ਕਿ ਉਹ ਸੁੱਚਾ ਸਿੰਘ ਲੰਗਾਹ ਨਾਲ ਅੰਮ੍ਰਿਤ ਸੰਚਾਰ ਸਮਾਗਮ ’ਚ ਸ਼ਾਮਲ ਨਹੀਂ ਹੋਏ ਹਨ। ਇਸ ਸਬੰਧ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਫੋਟੋਆਂ ਬਾਰੇ ਉਨ੍ਹਾਂ ਆਖਿਆ ਕਿ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਹ ਪੁਰਾਣੀਆਂ ਫੋਟੋਆਂ ਵੀ ਹੋ ਸਕਦੀਆਂ ਹਨ, ਜਿਨ੍ਹਾਂ ਨਾਲ ਛੇੜਖਾਨੀ ਕਰ ਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।