ਸੁਭਾਸ਼ ਚੰਦਰ
ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਅਸ਼ਵਨੀ ਗੁਪਤਾ ਖ਼ਿਲਾਫ਼ ਕੌਂਸਲ ਮੈਂਬਰਾਂ ਵੱਲੋਂ ਪਾਏ ਬੇਭਰੋਸਗੀ ਮਤੇ ’ਤੇ ਪੈਰਵੀ ਕਰਦਿਆਂ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੈਂਬਰਾਂ ਦੀ ਮੀਟਿੰਗ ਵਿੱਚ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਦੀ ਮੀਟਿੰਗ ਕੀਤੀ ਗਈ ਸੀ। ਇਸ ਵਿੱਚ ਹਲਕਾ ਵਿਧਾਇਕ ਸਣੇ 17 ਮੈਂਬਰਾਂ ਨੇ ਹਿੱਸਾ ਲਿਆ ਸੀ।
ਹਾਜ਼ਰ ਮੈਂਬਰਾਂ ਵੱਲੋਂ ਦੋ ਤਿਹਾਈ ਬਹੁਮਤ ਨਾਲ ਨਗਰ ਕੌਂਸਲ ਪ੍ਰਧਾਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ ਕਰ ਕੇ ਸਰਕਾਰ ਨੂੰ ਭੇਜਿਆ ਗਿਆ ਸੀ। ਸਰਕਾਰ ਵੱਲੋਂ ਪੱਤਰ ਰਾਹੀਂ ਪੰਜਾਬ ਮਿਉਂਸਿਪਲ ਐਕਟ 1911 ਦੀ ਧਾਰਾ-22 ਅਧੀਨ ਨਗਰ ਕੌਂਸਲ ਪ੍ਰਧਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਪ੍ਰਧਾਨ ਵੱਲੋਂ ਨੋਟਿਸ ਦਾ 15 ਸਤੰਬਰ ਨੂੰ ਜਵਾਬ ਪੇਸ਼ ਕੀਤਾ ਗਿਆ। ਪ੍ਰਾਪਤ ਜਵਾਬ ਨੂੰ ਵਿਚਾਰਨ ਉਪਰੰਤ ਅਤੇ ਉਨ੍ਹਾਂ ਖ਼ਿਲਾਫ਼ ਪਾਸ ਕੀਤੇ ਬੇਭਰੋਸਗੀ ਮਤੇ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਅਸ਼ਵਨੀ ਗੁਪਤਾ ਨੂੰ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ। ਇਸ ਸਬੰਧੀ ਕਾਰਜਸਾਧਕ ਅਫ਼ਸਰ ਅਪਰਅਪਾਰ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤਾ ਪੱਤਰ ਨਗਰ ਕੌਂਸਲ ਦਫ਼ਤਰ ਨੂੰ ਪ੍ਰਾਪਤ ਹੋ ਗਿਆ ਹੈ। ਮਿਉਂਸਿਪਲ ਐਕਟ ਤਹਿਤ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਾਈ ਕੋਰਟ ਤੱਕ ਪਹੁੰਚ ਕਰਾਂਗਾ: ਗੁਪਤਾ
ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ ਨੇ ਦੱਸਿਆ ਕਿ ਉਹ ਇਨਸਾਫ਼ ਲੈਣ ਲਈ ਇਨ੍ਹਾਂ ਹੁਕਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅਪੀਲ ਕਰਨਗੇ।

