ਪੱਤਰ ਪ੍ਰੇਰਕ
ਦੇਵੀਗੜ੍ਹ, 5 ਜਨਵਰੀ
ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਸਿੰਘੂ ਮੋਰਚੇ ਤੋਂ ਫੋਨ ਰਾਹੀਂ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਸਬੰਧੀ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਕੋਈ ਧਾਰਮਿਕ ਗ੍ਰੰਥ ਨਹੀਂ, ਜਿਨ੍ਹਾਂ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ ਉਲਟ ਬਣੇ ਕਾਨੂੰਨ ਰੱਦ ਹੋ ਚੁੱਕੇ ਹਨ ਤਾਂ ਹੁਣ ਇਹ ਖੇਤੀ ਕਾਨੂੰਨ ਕਿਉਂ ਰੱਦ ਨਹੀਂ ਹੋ ਸਕਦੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ 2-3 ਦਿਨਾਂ ਤੋਂ ਦਿੱਲੀ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਪਰ ਧਰਨਾਕਾਰੀ ਕਿਸਾਨਾਂ, ਬੀਬੀਆਂ ਅਤੇ ਬੱਚਿਆਂ ਦੇ ਹੌਸਲੇ ਬੁਲੰਦ ਹਨ।