ਜੋਗਿੰਦਰ ਸਿੰਘ ਮਾਨ
ਮਾਨਸਾ, 10 ਫਰਵਰੀ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਦਰੜ ਕੇ ਮਾਰਨ ਵਾਲੇ ਮੰਤਰੀ ਅਜੈ ਮਿਸ਼ਰਾ ਦੇ ਪੁੁੱਤਰ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦੇ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰੰਮ ਕੀਤਾ ਹੈ। ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਦੋ ਤਰ੍ਹਾਂ ਦੇ ਕਾਨੂੰਨ ਲਾਗੂ ਹਨ ਅਤੇ ਕਹਿਣ ਨੂੰ ਤਾਂ ਦੇਸ਼ ਦੇ ਸਾਰੇ ਨਾਗਰਿਕ ਕਾਨੂੰਨ ਦੀਆਂ ਨਜ਼ਰਾਂ ’ਚ ਬਰਾਬਰ ਹਨ ਪਰ ਦੇਸ਼ ਅੰਦਰ ਪਹੁੰਚ ਵਾਲੇ ਅਤੇ ਅਮੀਰਾਂ ਲਈ ਹੋਰ ਕਾਨੂੰਨ ਹਨ ਅਤੇ ਗਰੀਬਾਂ ਲਈ ਹੋਰ ਹਨ। ਉਨ੍ਹਾਂ ਕਿਹਾ ਕਿ ਬੇਰਹਿਮੀ ਨਾਲ ਕਿਸਾਨਾਂ ’ਤੇ ਜੀਪ ਚੜ੍ਹਾ ਕੇ ਦਰੜਨ ਵਾਲਾ ਘਿਨਾਉਣਾ ਕਾਰਾ ਹੈ, ਜਿਸ ਵਿੱਚ ਕਸੂਰਵਾਰਾਂ ਨੂੰ ਜ਼ਮਾਨਤ ਤਾਂ ਦੂਰ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਸੀ ਪਰ ਦੋਸ਼ੀਆਂ ਨੂੰ ਜ਼ਮਾਨਤ ਦੇ ਕੇ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੁਰੰਤ ਰੱਦ ਕੀਤੀ ਜਾਵੇ ਅਤੇ ਫਾਸਟ ਟਰੈਕ ਅਦਾਲਤ ਰਾਹੀਂ ਜਲਦੀ ਸਜ਼ਾ ਦਿੱਤੀ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਲੰਬੇ ਕਿਸਾਨ ਸੰਘਰਸ਼ ਦੀ ਜਿੱਤ ਵਿੱਚੋਂ ਉਭਰੀ ਪੰਜਾਬ ਦੇ ਭਲੇ ਲਈ ਸੰਯੁਕਤ ਸਮਾਜ ਮੋਰਚੇ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਲਈ ਹੁਣ ਪੰਜਾਬੀਆਂ ਨੂੰ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੁਰਾਣੀ ਰੀਤ ਨੂੰ ਤੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਪੰਜਾਬ ਵਿੱਚ ਸਿਆਸੀ ਬਦਲ ਲਿਆਉਣ ਲਈ ਵਚਨਬੱਧ ਹੈੈ।