ਸਨਮਦੀਪ ਦੀ ਮੌਤ ਚਿੰਤਾ ਦਾ ਵਿਸ਼ਾ: ਜਸਟਿਸ ਰਣਜੀਤ ਸਿੰਘ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਕਨੋਈ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸੰਗਰੂਰ ਦੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਦੀ ਮੌਤ ਅਤੇ ਉਸ ਦੇ ਪਰਿਵਾਰ ਦੀ ਗ਼ੈਰ-ਹਾਜ਼ਰੀ ਵਿੱਚ ਸਸਕਾਰ ’ਤੇ ਚਿੰਤਾ ਪ੍ਰਗਟ ਕਰਦਿਆਂ ਪੀੜਤਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਇਸ ਬਾਰੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਰਣਜੀਤ ਸਿੰਘ, ਡਾ. ਪਿਆਰਾ ਲਾਲ ਗਰਗ, ਐਡਵੋਕੇਟ ਸਰਬਜੀਤ ਸਿੰਘ ਵੇਰਕਾ, ਡਾ. ਖੁਸ਼ਹਾਲ ਸਿੰਘ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਨਮਦੀਪ ਸਿੰਘ ਦੀ ਮੌਤ ਦੇ ਹਾਲਾਤ ਅਤੇ ਪਰਿਵਾਰ ਵੱਲੋਂ ਲਗਾਏ ਜਾਤੀ ਆਧਾਰਿਤ ਧੱਕੇਸ਼ਾਹੀ, ਧਮਕੀਆਂ ਅਤੇ ਦਬਾਅ ਦੇ ਦੋਸ਼ਾਂ ਦੀ ਪਾਰਦਰਸ਼ੀ ਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਜੇ ਜਾਂਚ ਵਿੱਚ ਜਾਤੀ ਆਧਾਰਿਤ ਅੱਤਿਆਚਾਰ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਸਕਾਰ ਕਰਨਾ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ’ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਪੀੜਤ ਪਰਿਵਾਰ ਨੂੰ ਕਾਨੂੰਨੀ ਮਦਦ ਸਣੇ ਹਰ ਤਰ੍ਹਾਂ ਦੀ ਸਹਾਇਤਾ ਲਈ ਤਿਆਰ ਹੈ। ਸਿਰਫ਼ ਕੇਸ ਦਰਜ ਕਰਨਾ ਕਾਫ਼ੀ ਨਹੀਂ ਹੈ। ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਨਿਆਂ, ਸਨਮਾਨ, ਸੁਰੱਖਿਆ ਅਤੇ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

