ਸੰਧੂ ਨੇ ਸੰਸਦ ਵਿੱਚ ਮਨੁੱਖੀ ਤਸਕਰੀ ਦਾ ਮੁੱਦਾ ਚੁੱਕਿਆ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਭਾਰਤੀ ਨੌਜਵਾਨਾਂ ਦੀ ਮਨੁੱਖੀ ਤਸਕਰੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਭਾਰਤੀ ਨੌਜਵਾਨਾਂ ਨੂੰ ਵਰਗਲਾ ਕੇ ਆਪਣੇ ਮੁਲਕ ਬੁਲਾਉਂਦੀਆਂ...
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਭਾਰਤੀ ਨੌਜਵਾਨਾਂ ਦੀ ਮਨੁੱਖੀ ਤਸਕਰੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਭਾਰਤੀ ਨੌਜਵਾਨਾਂ ਨੂੰ ਵਰਗਲਾ ਕੇ ਆਪਣੇ ਮੁਲਕ ਬੁਲਾਉਂਦੀਆਂ ਹਨ ਅਤੇ ਫਿਰ ਉਨ੍ਹਾਂ ਨੂੰ ਜ਼ਬਰਦਸਤੀ ਰੂਸੀ ਫ਼ੌਜ ’ਚ ਭਰਤੀ ਕਰ ਕੇ ਜੰਗ ’ਤੇ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਸ੍ਰੀ ਸੰਧੂ ਨੇ ਭਾਰਤੀਆਂ ਵੱਲੋਂ ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਦਾ ਮੁੱਦਾ ਵੀ ਚੁੱਕਿਆ। ਇਸ ਤਹਿਤ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਵਧੀਆ ਨੌਕਰੀਆਂ ਦਾ ਲਾਲਚ ਦੇ ਕੇ ਬਾਹਰ ਭੇਜਿਆ ਜਾ ਰਿਹਾ ਹੈ। ਇਸ ਤੋਂ ਬਾਅਦ ਰੂਸ ਵਰਗੇ ਦੇਸ਼ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਕੇ ਉਨ੍ਹਾਂ ਨੂੰ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕਰ ਲੈਂਦੇ ਹਨ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਰੂਸ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਛੁਡਾਉਣ ਦੀ ਅਪੀਲ ਕੀਤੀ ਸੀ। ਸ੍ਰੀ ਸੰਧੂ ਨੇ ਰੂਸ ਤੋਂ 96 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਿੱਚ ਮਦਦ ਕਰਨ ਲਈ ਵਿਦੇਸ਼ ਮੰਤਰਾਲੇ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੁੱਲ 126 ਭਾਰਤੀਆਂ ਨੂੰ ਨੌਕਰੀਆਂ ਦੇ ਲਾਲਚ ’ਚ ਵਿਦੇਸ਼ ਭੇਜਿਆ ਗਿਆ ਸੀ, ਪਰ ਉਨ੍ਹਾਂ ਨੂੰ ਰੂਸੀ ਫ਼ੌਜ ਵਿੱਚ ਭਰਤੀ ਕਰ ਕੇ ਜੰਗ ’ਤੇ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੜਾਈ ’ਚ ਅਜਿਹੇ 12 ਭਾਰਤੀ ਨਾਗਰਿਕ ਮਾਰੇ ਗਏ ਸਨ ਜਦੋਂਕਿ 18 ਹਾਲੇ ਵੀ ਲੜ ਰਹੇ ਹਨ, ਇਨ੍ਹਾਂ ਵਿੱਚੋਂ 16 ਭਾਰਤੀ ਲਾਪਤਾ ਹਨ।

