ਸੰਧਵਾਂ ਤੇ ਬੈਂਸ ਨੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਲਾਲਪੁਰਾ
ਭਾਜਪਾ ਦੇ ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਨੂੰ ਕਥਿਤ ਤੌਰ ’ਤੇ ਮਨੋਰੰਜਕ ਪ੍ਰੋਗਰਾਮ ਬਣਾਉਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲਪੁਰਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਪੰਜਾਬ ਸਰਕਾਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਭੰਗੜਾ, ਗੀਤ ਅਤੇ ਨਾਚ ਵਰਗੀਆਂ ਮਨੋਰੰਜਕ ਗਤੀਵਿਧੀਆਂ ਕੀਤੀਆਂ ਗਈਆਂ। ਇਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਅਪਮਾਨ ਹੈ ਅਤੇ ਸਿੱਧੇ ਤੌਰ ’ਤੇ ਬੇਅਦਬੀ ਹੈ। ਸ੍ਰੀ ਲਾਲਪੁਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ‘ਅਰਦਾਸ ਦਾ ਦੋਹਰਾ’ ਗਲਤ ਪੜ੍ਹਿਆ ਸੀ। ਲਾਲਪੁਰਾ ਨੇ ‘ਆਪ’ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਕੀਤੇ ਗਏ ਚੋਣ ਵਾਅਦਿਆਂ ਨੂੰ ਵੀ ਝੂਠਾ ਕਰਾਰ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਪੰਜਾਬ ਰਾਜ ਭਵਨ ਵਿੱਚ ਕਰਵਾਏ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਤੋਂ ਗੈਰਹਾਜ਼ਰ ਰਹੇ ਅਤੇ ਉਸੇ ਦਿਨ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਚਲੇ ਗਏ ਸਨ। ਸ੍ਰੀ ਲਾਲਪੁਰਾ ਨੇ ਮੰਗ ਕੀਤੀ ਕਿ ਸਿੱਖ ਧਰਮ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।