ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 4 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਦੋਵੇਂ ਸਿਆਸੀ ਆਗੂਆਂ ਨੇ ਕਤਾਰ ਵਿੱਚ ਲੱਗ ਕੇ ਮੱਥਾ ਟੇਕਿਆ ਤੇ ਸੰਗਤ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਮਗਰੋਂ ਦੋਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਲਈ। ਆਗੂਆਂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਤੇ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਸ ਮੁਕੱਦਸ ਅਸਥਾਨ ’ਤੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਦਾ ਮੌਕਾ ਮਿਲਿਆ ਹੈ। ਇਸ ਤੋਂ ਪਹਿਲਾਂ ਵੀ ਦੋਵੇਂ ਆਗੂ ਮੰਤਰੀ ਮੰਡਲ ਬਣਨ ਮਗਰੋਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸਨ ਅਤੇ ਉਨ੍ਹਾਂ ਵੱਲੋਂ ਅਰਦਾਸ ਕੀਤੀ ਗਈ ਸੀ।