ਦੇਹ ਵਪਾਰ ਮਾਮਲੇ ’ਚ ਸੰਦੋਆ ਤਲਬ
ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਦੇਹ ਵਪਾਰ ਦੇ ਕੇਸ ਵਿੱਚ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਹੈ। ਰੂਪਨਗਰ ਦੇ ਡੀ ਐੱਸ ਪੀ ਦੀਪਇੰਦਰ ਸਿੰਘ ਵੱਲੋਂ ਜਾਰੀ ਨੋਟਿਸ ਮੁਤਾਬਕ, ਐੱਸ ਐੱਸ...
ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਦੇਹ ਵਪਾਰ ਦੇ ਕੇਸ ਵਿੱਚ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਹੈ। ਰੂਪਨਗਰ ਦੇ ਡੀ ਐੱਸ ਪੀ ਦੀਪਇੰਦਰ ਸਿੰਘ ਵੱਲੋਂ ਜਾਰੀ ਨੋਟਿਸ ਮੁਤਾਬਕ, ਐੱਸ ਐੱਸ ਪੀ ਰੂਪਨਗਰ ਨੇ ਇਸ ਮਾਮਲੇ ਦੀ ਜਾਂਚ ਥਾਣਾ ਆਨੰਦਪੁਰ ਸਾਹਿਬ ਅਤੇ ਥਾਣਾ ਸਦਰ ਦੇ ਐੱਸ ਐੱਚ ਓ ਨੂੰ ਸੌਂਪੀ ਹੈ। ਸਾਬਕਾ ਵਿਧਾਇਕ ਸੰਦੋਆ ਨੂੰ 22 ਜੂਨ ਨੂੰ ਸਵੇਰੇ 11 ਵਜੇ ਡੀ ਐੱਸ ਪੀ ਦਫ਼ਤਰ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ। ਆਨੰਦਪੁਰ ਸਾਹਿਬ ਦੇ ਐੱਸ ਐੱਚ ਓ ਨੂੰ ਬੀਤੀ 17 ਫਰਵਰੀ ਨੂੰ ਦਰਜ ਹੋਈ ਐੱਫ ਆਈ ਆਰ ਦਾ ਰਿਕਾਰਡ ਲਿਆਉਣ ਦੀ ਵੀ ਹਦਾਇਤ ਕੀਤੀ ਗਈ ਹੈ। ਪੁਲੀਸ ਅਨੁਸਾਰ ਇਹ ਕਾਰਵਾਈ ਜਾਂਚ ਪ੍ਰਕਿਰਿਆ ਦਾ ਹਿੱਸਾ ਹੈ। ਨੋਟਿਸ ਜਾਰੀ ਹੋਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਦੂਜੇ ਪਾਸੇ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲੀਸ ਰੂਪਨਗਰ ਦੇ ਮੌਜੂਦਾ ਵਿਧਾਇਕ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਗਿਣੀ-ਮਿੱਥੀ ਸਾਜ਼ਿਸ਼ ਘੜੀ ਗਈ ਹੈ।
ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੁਲੀਸ ਦਾ ਨੋਟਿਸ ਉਨ੍ਹਾਂ ਕੋਲ ਪਹੁੰਚਣ ਤੋਂ ਪਹਿਲਾਂ ਹੀ ਮੀਡੀਆ ਕੋਲ ਪਹੁੰਚ ਗਿਆ, ਜਿਸ ਖ਼ਿਲਾਫ਼ ਉਹ ਕਾਨੂੰਨੀ ਕਾਰਵਾਈ ਕਰਨਗੇ। ਸੰਦੋਆ ਨੇ ਸਪੱਸ਼ਟ ਕੀਤਾ ਕਿ ਸਬੰਧਤ ਹੋਟਲ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਇਸ ਸਬੰਧੀ ਨੂਰਪੁਰ ਬੇਦੀ ਦੇ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ’ਤੇ ਸਹੁੰ ਚੁੱਕਣ ਲਈ ਵੀ ਤਿਆਰ ਹਨ।

