ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਇਸ ਪੱਕੇ ਮੋਰਚੇ ਨੂੰ ਅੱਜ 13 ਦਿਨ ਹੋ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ। ਜਥੇਬੰਦੀ ਨੇ ਕਰਨੈਲ ਸਿੰਘ ਨੂੰ ਸ਼ਹੀਦ ਕਰਾਰ ਦਿੰਦਿਆਂ ਇਸ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੇ ਨਾਲ ਹੀ ਸਰਕਾਰ ਤੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ, ਕਰਜ਼ਾ ਮੁਆਫ਼ੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਕਿਸਾਨਾਂ ਦੇ ਸਸਕਾਰ ਨਹੀਂ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੱਕੇ ਮੋਰਚੇ ਦੌਰਾਨ ਬੀਤੀ 17 ਅਕਤੂਬਰ ਨੂੰ ਸੱਪ ਦੇ ਡੱਸਣ ਕਾਰਨ ਪਿੰਡ ਬਖੋਰਾ ਕਲਾਂ ਦੇ ਕਿਸਾਨ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਰੱਖੀ ਹੋਈ ਹੈ। ਘਿਰਾਓ ਦੇ ਦੂਜੇ ਦਿਨ ਅੱਜ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਪਿੰਡ ਅਕੋਈ ਸਾਹਿਬ ਦਾ ਵਸਨੀਕ ਕਰਨੈਲ ਸਿੰਘ (66) ਪੱਕਾ ਮੋਰਚਾ ਲੱਗਣ ਵਾਲੇ ਦਿਨ ਤੋਂ ਹੀ ਇੱਥੇ ਡਟਿਆ ਹੋਇਆ ਸੀ। ਅੱਜ ਸਵੇਰੇ ਕਰਨੈਲ ਸਿੰਘ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਨਹਾਉਣ ਲਈ ਗਿਆ ਸੀ ਤੇ ਗੁਰੂ ਘਰ ਦੇ ਸਾਹਮਣੇ ਹੀ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੇ ਸਾਥੀ ਕਿਸਾਨ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਰਨੈਲ ਸਿੰਘ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਸੰਗਰੂਰ ਵਿੱਚ ਰਖਵਾਈ ਗਈ ਹੈ। ਸ੍ਰੀ ਕਾਲਾਝਾੜ ਨੇ ਦੋਵੇਂ ਕਿਸਾਨਾਂ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਸਰਕਾਰ ਨੇ ਚੁੱਪ ਵੱਟੀ ਹੋਈ ਹੈ, ਜਿਸ ਕਾਰਨ ਸਰਕਾਰ ਪ੍ਰਤੀ ਕਿਸਾਨਾਂ ਦਾ ਰੋਹ ਵੀ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ ਕਿ ਦੋ ਕਿਸਾਨ ਸੰਘਰਸ਼ ਦੌਰਾਨ ਸ਼ਹਾਦਤ ਪਾ ਗਏ ਹਨ।
ਉਨ੍ਹਾਂ ਕਿਹਾ ਕਿ ਵੱਡੇ ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਨੇ ਮੰਨੀਆਂ ਮੰਗਾਂ ਵੀ ਹੁਣ ਤੱਕ ਲਾਗੂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਪੱਕਾ ਮੋਰਚਾ ਅਤੇ ਕਲੋਨੇ ਦੇ ਮੁੱਖ ਗੇਟ ਦਾ ਘਿਰਾਓ ਲਗਾਤਾਰ ਜਾਰੀ ਰਹੇਗਾ। ਜੇਕਰ ਸਰਕਾਰ ਨੇ ਮੰਗਾਂ ਲਾਗੂ ਨਾ ਕੀਤੀਆਂ ਅਤੇ ਦੋਵੇਂ ਸ਼ਹੀਦ ਕਿਸਾਨਾਂ ਨਾਲ ਸਬੰਧਤ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਭਗਤ ਸਿੰਘ ਛੰਨਾ ਬਰਨਾਲਾ, ਸਿਕੰਦਰ ਸਿੰਘ ਮੌੜ, ਗੁਰਭਗਤ ਸਿੰਘ ਭਲਾਈਆਣਾ ਤੇ ਜਸਪ੍ਰੀਤ ਸਿੰਘ ਫ਼ਰੀਦਕੋਟ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਹਰਜੀਤ ਸਿੰਘ ਮਹਿਲਾਂ ਨੇ ਨਿਭਾਈ।