ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਮਈ
ਇੱਥੇ ਡੇਰਾ ਸਿਰਸਾ ਦੇ ਰਾਜਨੀਤਕ ਵਿੰਗ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਦੀ ਗਿਣਤੀ ’ਚ ਜੁੜੇ ਡੇਰਾ ਪ੍ਰੇਮੀਆਂ ਵੱਲੋਂ ਹੱਥ ਖੜ੍ਹੇ ਕਰ ਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ। ਡੇਰਾ ਸਿਰਸਾ ਦੇ ਪ੍ਰਬੰਧਕਾਂ ਵੱਲੋਂ ਅੱਜ ਦੇ ਇਕੱਠ ਨੂੰ ਜ਼ਿਲ੍ਹਾ ਪੱਧਰੀ ਨਾਮ ਚਰਚਾ ਦਾ ਨਾਂ ਦਿੱਤਾ ਗਿਆ ਪਰੰਤੂ ਸਿਆਸੀ ਮਾਹਿਰ ਇਸ ਨੂੰ ਡੇਰਾ ਪ੍ਰੇਮੀਆਂ ਦੇ ਸ਼ਕਤੀ ਪ੍ਰਦਰਸ਼ਨ ਵਜੋਂ ਦੇਖ ਰਹੇ ਹਨ। ਸਿਆਸੀ ਹਲਕਿਆਂ ਵਿੱਚ ਡੇਰਾ ਪ੍ਰੇਮੀਆਂ ਦੇ ਸ਼ਕਤੀ ਪ੍ਰਦਰਸ਼ਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਡੇਰਾ ਸਿਰਸਾ ਦੇ ਰਾਜਨੀਤਕ ਵਿੰਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਡੇਰਾ ਸਿਰਸਾ ਦੇ ਰਾਜਨੀਤਕ ਵਿੰਗ ਦੇ ਮੈਂਬਰ ਰਾਮ ਸਿੰਘ ਅਸਪਾਲ ਕਲਾਂ ਨੇ ਪੰਜਾਬ ਸਰਕਾਰ ਨੂੰ ਪੇਸ਼ਕਸ਼ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਪੁੱਟਣਾ ਚਾਹੁੰਦੀ ਹੈ ਤਾਂ ਡੇਰਾ ਸੱਚਾ ਸੌਦਾ ਸਿਰਸਾ ਹਰ ਪੱਧਰ ’ਤੇ ਸਰਕਾਰ ਦੀ ਮਦਦ ਲਈ ਤਿਆਰ ਹੈ। ਲੋਕ ਸਭਾ ਜ਼ਿਮਨੀ ਚੋਣ ’ਚ ਡੇਰਾ ਪ੍ਰੇਮੀਆਂ ਦੀ ਭੂਮਿਕਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਮ ਸਿੰਘ ਨੇ ਕਿਹਾ ਕਿ ਰਾਜਨੀਤਕ ਵਿੰਗ ਵੱਲੋਂ ਮੀਟਿੰਗਾਂ ਕਰ ਕੇ ਸੰਗਤ ਦੀ ਰਾਇ ਲਈ ਜਾ ਰਹੀ ਹੈ। ਸੰਗਤ ਦੀ ਰਾਇ ਅਤੇ ਇਕਜੁੱਟਤਾ ਨਾਲ ਹੀ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਜਿਸ ਤਰ੍ਹਾਂ ਦੇ ਬਣੇ ਹੋਏ ਹਨ, ਉਸ ਤੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਉਪਰ ਸਵਾਲ ਖੜ੍ਹਾ ਹੁੰਦਾ ਹੈ। ਪੰਜਾਬ ਵਿਚ ਨਸ਼ਿਆਂ ਨੇ ਘਰਾਂ ਦੇ ਘਰ ਤਬਾਹ ਕਰ ਦਿੱਤੇ ਹਨ। ਜੇਕਰ ਚਿੱਟਾ, ਨਸ਼ੀਲੀਆਂ ਗੋਲੀਆਂ, ਸ਼ਰਾਬ ਆਦਿ ਨਸ਼ੇ ਉਪਰ ਕੰਟਰੋਲ ਨਾ ਹੋਇਆ ਤਾਂ ਪੰਜਾਬ ਦੇ ਹਾਲਾਤ ਆਉਣ ਵਾਲੇ ਸਮੇਂ ਵਿਚ ਹੋਰ ਵੀ ਬਦਤਰ ਹੋ ਸਕਦੇ ਹਨ।