ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਸੋਮਵਾਰ ਨੂੰ ਜਾਰੀ ਹੋ ਜਾਵੇਗਾ। ਉਮੀਦਵਾਰ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ 9 ਜੂਨ ਨਿਰਧਾਰਿਤ ਕੀਤੀ ਗਈ ਹੈ। ਵੋਟਾਂ 23 ਜੂਨ ਨੂੰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਨਤੀਜਾ 26 ਜੂਨ ਨੂੰ ਆਵੇਗਾ। ਡਾ. ਰਾਜੂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 30 ਮਈ ਤੋਂ 6 ਜੂਨ ਤੱਕ ਸਰਕਾਰੀ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਰਿਟਰਨਿੰਗ ਅਫ਼ਸਰ ਹੋਣਗੇ। ਜਾਣਕਾਰੀ ਅਨੁਸਾਰ 3 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 4 ਜੂਨ ਨੂੰ ਸ਼ਨਿਚਰਵਾਰ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ ਕਿਉਂਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਇਹ ਛੁੱਟੀ ਵਾਲੇ ਦਿਨ ਨਹੀਂ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਦਾਖਲ ਕੀਤੇ ਜਾਣੇ ਹਨ ਅਤੇ ਰਿਟਰਨਿੰਗ ਅਫ਼ਸਰ ਕੋਲ ਖ਼ਾਲੀ ਫਾਰਮ ਉਪਲੱਬਧ ਹਨ। ਇਸ ਦੌਰਾਨ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।