ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਭਵਾਨੀਗੜ੍ਹ, 3 ਜੂਨ
ਆਮ ਆਦਮੀ ਪਾਰਟੀ ਨੇ ਅੱਜ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਐਲਾਨਿਆ ਹੈ। ‘ਆਪ’ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ 23 ਜੂਨ ਨੂੰ ਹੋਣ ਵਾਲੀ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ। ਗੁਰਮੇਲ ਸਿੰਘ ਸਾਲ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ‘ਆਪ’ ਉਮੀਦਵਾਰ ਗੁਰਮੇਲ ਸਿੰਘ ਭਲਕੇ ਸ਼ਨਿਚਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਮੌਜੂਦ ਰਹਿਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਾਰੀਕ 6 ਜੂਨ ਹੈ। ਸੰਗਰੂਰ ਲੋਕ ਸਭਾ ਸੀਟ ਭਗਵੰਤ ਮਾਨ ਦੇ ਅਸਤੀਫ਼ੇ ਮਗਰੋਂ ਖ਼ਾਲੀ ਹੋਈ ਸੀ।