ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਜੂਨ
ਦੋ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕਾਂ ਇਥੇ ਸਿਵਲ ਹਸਪਤਾਲ ਵਿੱਚ ਸਥਿਤ ਕਰੀਬ ਸੌ ਫੁੱਟ ਉਚੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਟੈਂਕੀ ਹੇਠਾਂ ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਬਾਕੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਧਰਨਾ ਦਿੱਤਾ ਗਿਆ। ਟੈਂਕੀ ਉਪਰ ਚੜ੍ਹਨ ਦੀ ਸੂਚਨਾ ਮਿਲਦਿਆਂ ਟੈਂਕੀ ਦੁਆਲੇ ਪੁਲੀਸ ਤਾਇਨਾਤ ਕਰ ਦਿੱਤੀ ਗਈ। ਟੈਂਕੀ ਉਪਰ ਚੜ੍ਹੀਆਂ ਦੋਵੇਂ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨੇ ਬੋਤਲ ਵਿਖਾਉਂਦਿਆ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਡੀਜ਼ਲ ਹੈ। ਅੱਜ ਚੁੱਪ ਚੁਪੀਤੇ ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਸਿੱਪੀ ਸ਼ਰਮਾ ਅਤੇ ਰਵਨੀਤ ਕੌਰ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਈਆਂ, ਜਦੋਂ ਕਿ ਸਾਥੀ ਬੇਰੁਜ਼ਗਾਰ ਅਧਿਆਪਕਾਂ ਨੇ ਹੇਠ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ ਸੰਨ 2011 ਤੋਂ ਲਟਕੀ ਹੋਈ ਹੈ। ਦਸ ਸਾਲਾਂ ਮਗਰੋਂ 23 ਦਸੰਬਰ 2021 ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਫੈਸਲਾ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਪੱਖ ਵਿਚ ਦਿੱਤਾ ਗਿਆ ਅਤੇ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਸਰਕਾਰ ਨੂੰ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਪਰ ਸਰਕਾਰ ਨੇ ਫ਼ਿਰ ਵੀ ਕੋਈ ਧਿਆਨ ਨਹੀਂ ਦਿੱਤਾ। ਪਿਛਲੀ ਕਾਂਗਰਸ ਸਰਕਾਰ ਸਮੇਂ ਬੇਰੁਜ਼ਗਾਰ ਪੀਟੀਆਈ ਅਧਿਆਪਕ 60 ਦਿਨ ਮੁਹਾਲੀ ਵਿਖੇ ਟੈਂਕੀ ਉਪਰ ਚੜ੍ਹੇ ਰਹੇ, ਉਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਪ੍ਰਧਾਨ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਪਹਿਲ ਦੇ ਆਧਾਰ ’ਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਸਿਰਫ਼ ਮੀਟਿੰਗਾਂ ਜਾਂ ਲਾਰਿਆਂ ਦੀਆਂ ਤਾਰੀਖਾਂ ਦਿੱਤੀਆਂ ਜਾਂਦੀਆਂ ਹਨ। ਸਰਕਾਰ ਦੇ ਲਾਰਿਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਅੱਜ ਦੋ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਟੈਂਕੀ ਉਪਰ ਚੜ੍ਹਨ ਲਈ ਮਜ਼ਬੂਰ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ‘‘ ਕਰੋ ਜਾਂ ਮਰੋ ’’ ਦੀ ਨੀਤੀ ਤਹਿਤ ਸੰਘਰਸ਼ ਸ਼ੁਰੂ ਕੀਤਾ ਹੈ। ਉਧਰ ਟੈਂਕੀ ਉਪਰ ਚੜ੍ਹੀਆਂ ਲੜਕੀਆਂ ਨੇ ਬੋਤਲ ’ਚ ਡੀਜ਼ਲ ਹੋਣ ਦਾ ਦਾਅਵਾ ਕਰਦਿਆਂ ਚਿਤਾਵਨੀ ਦਿੱਤੀ ਕਿ ਜੇ ਹੇਠਾਂ ਬੈਠੇ ਉਨ੍ਹਾਂ ਦੇ ਸਾਥੀ ਬੇਰੁਜ਼ਗਾਰ ਅਧਿਆਪਕਾਂ ਨਾਲ ਕੋਈ ਧੱਕੇਸ਼ਾਹੀ ਕੀਤੀ ਤਾਂ ਉਹ ਕੋਈ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੀਆਂ। ਉਨ੍ਹਾਂ ਮੰਗ ਕੀਤੀ ਕਿ 646 ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀ ਮੈਰਿਟ ਸੂਚੀ ਜਾਰੀ ਕੀਤੀ ਜਾਵੇ।
ਇਸ ਮੌਕੇ ਕਿਰਨ ਨੇਹਾ, ਜਸਪ੍ਰੀਤ ਕੌਰ, ਜਸਦੀਪ ਸਿੰਘ ਜੱਸੀ, ਵਕੀਲ ਸਿੰਘ, ਰਾਜਪਾਲ ਜਲਾਲਾਬਾਦ, ਹਰੀਸ਼ ਸਾਮਾ, ਕੁਲਵਿੰਦਰ ਕੌਰ, ਜੋਤੀ ਗਗਨ ਮਾਨਸਾ, ਇਕਬਾਲ ਸਿੰਘ ਮਾਨਸਾ, ਕਮਲ ਸੁਨਾਮ ਤੇ ਗੁਰਦੀਪ ਸਿੰਘ ਬਰਨਾਲਾ ਮੌਜੂਦ ਸਨ।