ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਅੱਜ ਇੱਥੇ ਫਰੀਦਕੋਟ ਦੇ ਸਫ਼ਾਈ ਕਰਮਚਾਰੀਆਂ ਨੇ ਕੰਮ ਛੱਡ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ। ਬਿਆਨ ਜਾਰੀ ਕਰਦਿਆਂ ਮੁਲਾਜ਼ਮ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਅੱਜ ਪੰਜਾਬ ਭਰ ਦੇ ਨਿਗਮਾਂ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੇ ਅਧੀਨ 140 ਤੋਂ ਵੱਧ ਸਟੇਸ਼ਨਾਂ ’ਤੇ ਸਫ਼ਾਈ ਸੇਵਕਾਂ ਨੇ ਮੁਕੰਮਲ ਹੜਤਾਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਪ੍ਰਤੀਸ਼ਤ ਮੁਲਾਜ਼ਮ ਕੱਚੇ ਹਨ ਅਤੇ ਮਹਿਜ਼ 10 ਹਜ਼ਾਰ ਰੁਪਏ ਦੀ ਨਿਗੂਣੀ ਤਨਖਾਹ ’ਤੇ ਕੰਮ ਕਰ ਰਹੇ ਹਨ। ਇਸ ਨਾਲ ਮਹਿੰਗਾਈ ਦੇ ਦੌਰ ਵਿੱਚ ਗੁਜ਼ਾਰਾ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਲਗਪਗ ਸਾਢੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਵਾਲੀ ਪੰਜਾਬ ਸਰਕਾਰ ਹੁਣ ਆਪਣੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕਰ ਰਹੀ। ਇਸ ਕਰ ਕੇ ਉਨ੍ਹਾਂ ਨੂੰ ਮਜਬੂਰੀ ਵਿੱਚ ਹੜਤਾਲ ’ਤੇ ਜਾਣਾ ਪੈ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਸਫ਼ਾਈ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹਾਂ ਸਮੇਂ ਸਿਰ ਅਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਦਿੱਤੀਆਂ ਜਾਣ।
ਇਸ ਤੋਂ ਇਲਾਵਾ ਘੱਟੋ-ਘੱਟ ਉਜਰਤ 40,000 ਪ੍ਰਤੀ ਮਹੀਨਾ ਕੀਤੀ ਜਾਵੇ। ਉਨ੍ਹਾਂ ਕੱਚੇ ਮੁਲਾਜ਼ਮ ਦੀ ਮੌਤ ਹੋਣ ’ਤੇ ਉਸ ਦੇ ਪਰਿਵਾਰ ਨੂੰ ਨੌਕਰੀ ਦੇਣ ਦੀ ਮੰਗ ਵੀ ਕੀਤੀ।

