ਆਤਿਸ਼ ਗੁਪਤਾ
ਚੰਡੀਗੜ੍ਹ, 28 ਜੂਨ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਚੁਣੇ ਗਏ ਨਵੇਂ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਹਲਫ਼ ਲੈ ਲਿਆ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ’ਚ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ। ਇਸ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਬੁੱਧਰਾਮ ਸਣੇ ਸੰਜੀਵ ਅਰੋੜਾ ਦੇ ਪਰਿਵਾਰਕ ਮੈਂਬਰ ਤੇ ਪਾਰਟੀ ਦੇ ਵੱਡੀ ਗਿਣਤੀ ਆਗੂ ਮੌਜੂਦ ਰਹੇ। ਸਪੀਕਰ ਨੇ ਸੰਜੀਵ ਅਰੋੜਾ ਨੂੰ ਪੰਜਾਬ ਵਿਧਾਨ ਸਭਾ ਦਾ ਸਾਹਿਤ ਅਤੇ ਆਈਪੈਡ ਵੀ ਭੇਟ ਕੀਤਾ।
ਇਸ ਦੌਰਾਨ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਰੱਖਣਗੇ। ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ਅਤੇ ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀ ਸੀਨੀਅਰ ਲੀਡਰਸ਼ਿਪ ਤੋਂ ਮਾਰਗਦਰਸ਼ਨ ਲੈਣਗੇ ਅਤੇ ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਜ਼ਿਕਰਯੋਗ ਹੈ ਕਿ ‘ਆਪ’ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਜਨਵਰੀ ਮਹੀਨੇ ਵਿੱਚ ਮੌਤ ਹੋ ਗਈ ਸੀ, ਜਿਸ ਕਰਕੇ ਜ਼ਿਮਨੀ ਚੋਣ ਕਰਵਾਈ ਗਈ। ਇਸ ਜ਼ਿਮਨੀ ਚੋਣ ਵਿੱਚ ‘ਆਪ’ ਵਿਧਾਇਕ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਜ਼ਿਮਨੀ ਚੋਣ ਵਿੱਚ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ, ਜਦਕਿ ਕਾਂਗਰਸੀ ਉਮੀਦਵਾਰ ਆਸ਼ੂ ਨੂੰ 24,542 ਵੋਟ ਮਿਲੇ। ਭਾਜਪਾ ਉਮੀਦਵਰ ਜੀਵਨ ਗੁਪਤਾ ਨੂੰ 20,323 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 8,203 ਵੋਟਾਂ ਮਿਲੀਆਂ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗ਼ੈਰ-ਹਾਜ਼ਰੀ ਰੜਕੀ
ਵਿਧਾਇਕ ਸੰਜੀਵ ਅਰੋੜਾ ਦੇ ਸਹੁੰ ਚੁੱਕ ਸਮਾਗਮ ’ਚੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ। ਪਹਿਲਾਂ ਮੁੱਖ ਮੰਤਰੀ ਮਾਨ ਦੇ ਹਲਫ਼ ਸਮਾਗਮ ’ਚ ਸ਼ਾਮਲ ਹੋਣ ਦੀ ਸੂਚਨਾ ਪ੍ਰਚਨਾ ਪ੍ਰਾਪਤ ਹੋਈ ਸੀ ਪਰ ਉਹ ਸਮਾਗਮ ’ਚ ਨਹੀਂ ਪਹੁੰਚੇ। ਸਮਾਗਮ ਤੋਂ ਬਾਅਦ ਵਿਧਾਇਕ ਅਰੋੜਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚ ਕੇ ਮਾਨ ਨਾਲ ਮੁਲਾਕਾਤ ਕੀਤੀ।