ਸੰਜੀਵ ਅਰੋੜਾ ਦਾ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਮਨਜ਼ੂਰ
ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਸੋਮਵਾਰ ਨੂੰ ਉੱਚ ਸਦਨ ਨੂੰ ਸੂਚਿਤ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੋਮਵਾਰ ਨੂੰ ਸਭਾਪਤੀ ਨੇ ਸਦਨ ਨੂੰ ਅਰੋੜਾ ਦੇ ਅਸਤੀਫੇ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ‘ਆਪ’ ਮੈਂਬਰ ਅਰੋੜਾ ਨੇ 1 ਜੁਲਾਈ ਨੂੰ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਅਸਤੀਫਾ 1 ਜੁਲਾਈ ਤੋਂ ਹੀ ਸਵੀਕਾਰ ਕਰ ਲਿਆ ਗਿਆ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਈ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ ਸੀ। 'ਆਪ' ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਜਨਵਰੀ ਵਿੱਚ ਦਿਹਾਂਤ ਤੋਂ ਬਾਅਦ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ ਅਤੇ ਜ਼ਿਮਨੀ ਚੋਣ ਕਰਵਾਈ ਗਈ ਸੀ।