ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਅਕਾਲ ਚਲਾਣਾ
ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਗੁਰਦੁਆਰਾ ਰਾੜਾ ਸਾਹਿਬ ਦੇ ਬਾਨੀ ਸੰਤ ਈਸ਼ਰ ਸਿੰਘ ਦੇ ਬਰਸੀ ਸਮਾਗਮ ਦੇ ਪਹਿਲੇ ਦਿਨ ਦੇ ਦੀਵਾਨ ਦੀ ਸਮਾਪਤੀ ਤੋਂ ਬਾਅਦ ਰਾਤ ਕਰੀਬ 11.30 ਵਜੇ ਉਹ ਆਪਣੇ ਕਮਰੇ ਵਿੱਚ ਚਲੇ ਗਏ ਸਨ। ਉਨ੍ਹਾਂ ਨੂੰ ਤਕਰੀਬਨ ਰਾਤ ਇੱਕ ਵਜੇ ਸਾਹ ਲੈਣ ਵਿੱਚ ਤਕਲੀਫ਼ ਆਉਣ ਤੇ ਗੁਰਦੁਆਰਾ ਸਾਹਿਬ ਦੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦਿਆਂ ਫੋਰਟਿਸ ਹਸਪਤਾਲ ਲੁਧਿਆਣਾ ਲਈ ਰੈਫਰ ਕਰ ਦਿੱਤਾ ਪਰ ਰਸਤੇ ਵਿੱਚ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਗੁਰੂ ਘਰ ਦੇ ਟਰੱਸਟੀ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਗੁਰ ਇਤਿਹਾਸ ਦੇ ਖੋਜੀ ਤੇ ਸਿੱਖ ਪ੍ਰਚਾਰਕ ਸੰਤ ਬਲਜਿੰਦਰ ਸਿੰਘ ਦੀ ਦੇਹ ਨੂੰ ਅੱਜ ਪੁਰਾਣੇ ਦੀਵਾਨ ਹਾਲ ਵਿੱਚ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਗਿਆ ਹੈ। 27 ਅਗਸਤ ਨੂੰ ਸ਼ਾਮ ਸਮੇਂ ਗੁਰਦੁਆਰੇ ਵਿੱਚ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। 28 ਅਗਸਤ ਨੂੰ ਅੰਗੀਠਾ ਸੰਭਾਲਣ ਦੀ ਰਸਮ ਮਗਰੋਂ ਸੰਤਾਂ ਦੀ ਅਸਥੀਆਂ ਕੀਰਤਪੁਰ ਸਾਹਿਬ ਲਿਜਾਈਆਂ ਜਾਣਗੀਆਂ। ਅੱਜ ਇੱਥੇ ਹੈੱਡ ਗ੍ਰੰਥੀ ਦਰਬਾਰ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।