ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ। ਸੂਬੇ ਦੇ ਲੋਕ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਇਸੇ ਤਰ੍ਹਾਂ ਸਿਜਦਾ ਕਰਦੇ ਰਹਿਣਗੇ। ਉਹ ਅੱਜ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਸਾਖ਼ਾ ਸੰਗਰੂਰ ਵੱਲੋਂ ਲਗਾਏ ਖੂਨਦਾਨ ਕੈਂਪ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਕੌਮ ਦੇ ਮਹਾਨ ਸ਼ਹੀਦ ਹਨ। ਉਨ੍ਹਾਂ ਪੰਜਾਬ ਦੀ ਏਕਤਾ ਅਤੇ ਅਮਨ ਸ਼ਾਂਤੀ ਲਈ ਜਾਨ ਤੱਕ ਦੀ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਦਾ ਜੀਵਨ ਹਰੇਕ ਅਮਨਪਸੰਦ ਵਿਅਕਤੀ ਲਈ ਪ੍ਰੇਰਨਾ ਸਰੋਤ ਹੈ। ਉਹ ਕਿਸੇ ਪਾਰਟੀ ਜਾਂ ਧਿਰ ਦੇ ਆਗੂ ਨਹੀਂ ਸਨ ਸਗੋਂ ਸਮੁੱਚੀ ਲੋਕਾਈ ਦੇ ਮਾਰਗ ਦਰਸ਼ਕ ਸਨ। ਉਨ੍ਹਾਂ ਇਸ ਗੱਲ ਉੱਤੇ ਦੁੱਖ ਪ੍ਰਗਟ ਕੀਤਾ ਕਿ ਅੱਜ ਵੀ ਕੁਝ ਰਾਜਸੀ ਪਾਰਟੀਆਂ, ਜੋ ਆਪਣੇ ਆਪ ਨੂੰ ਪੰਥਕ ਦੱਸਦੀਆਂ ਹਨ, ਸੰਤ ਲੌਂਗੋਵਾਲ ਦੇ ਨਾਮ ’ਤੇ ਸੌੜੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਲੌਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਧਰਤੀ ਦਾ ਹਮੇਸ਼ਾ ਹੀ ਸਤਿਕਾਰ ਕੀਤਾ ਜਾਂਦਾ ਰਹੇਗਾ। ਸਮਾਗਮ ਦੌਰਾਨ ਡੀਸੀ ਸੰਦੀਪ ਰਿਸ਼ੀ ਨੇ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੁਦ ਖੂਨਦਾਨ ਕੀਤਾ। ਇਸ ਮੌਕੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਆਦਿ ਹਾਜ਼ਰ ਸਨ।