ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਅਗਸਤ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹਾਂ ਨਾਲ ਜੂਝ ਰਹੇ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਲਗਪਗ 30 ਹਜ਼ਾਰ ਪੌਂਡ ਦੀ ਵਿੱਤੀ ਮਦਦ ਭੇਜੀ ਹੈ। ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਾਕਿਸਤਾਨ ਵਿਚ ਆਏ ਹੜ੍ਹਾਂ ਕਾਰਨ ਬਹੁਤ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੇ ਸੂਬਾ ਪੰਜਾਬ ਦੇ ਸਾਬਕਾ ਗਵਰਨਰ ਅਤੇ ਸਰਵਰ ਫਾਊਂਡੇਸ਼ਨ ਦੇ ਪ੍ਰਧਾਨ ਚੌਧਰੀ ਮੁਹੰਮਦ ਸਰਵਰ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅਪੀਲ ਕੀਤੀ ਸੀ। ਇਸ ਮਗਰੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹਾਂ ਦੌਰਾਨ ਸੇਵਾ ਕਾਰਜ ਨਿਭਾਉਣ ਵਾਲੀ ਸਰਵਰ ਫਾਊਂਡੇਸ਼ਨ ਲਾਹੌਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 30 ਹਜ਼ਾਰ 30 ਪੌਂਡ (ਪਾਕਿਸਤਾਨ ਦੀ ਕਰੰਸੀ ਅਨੁਸਾਰ ਲਗਪਗ 80 ਲੱਖ ਰੁਪਏ) ਭੇਜੇ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ 1001 ਪੀੜਤ ਪਰਿਵਾਰਾਂ ਨੂੰ ਮਹੀਨੇ ਭਰ ਦੇ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲੰਗਰ ਲਈ ਆਟਾ ਗੁੰਨ੍ਹਣ, ਪੇੜੇ ਬਣਾਉਣ, ਰੋਟੀਆਂ ਬਣਾਉਣ ਤੋਂ ਇਲਾਵਾ ਆਟੋਮੈਟਿਕ ਡਿਸ਼-ਵਾਸ਼ਰ ਮਸ਼ੀਨਾਂ ਨੂੰ ਛੇਤੀ ਹੀ ਪਾਕਿਸਤਾਨ ਭੇਜਿਆ ਜਾਵੇਗਾ। ਸਰਵਰ ਫਾਊਂਡੇਸ਼ਨ ਦੇ ਬਾਨੀ ਤੇ ਸਾਬਕਾ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੇ ਇਸ ਮਦਦ ਲਈ ਡਾ.ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਖੀ ਘੜੀ ਵੇਲੇ ਇਸ ਮਦਦ ਨਾਲ ਜਿਥੇ ਹੜ੍ਹ ਪੀੜਤਾਂ ਨੂੰ ਰਾਹਤ ਮਿਲੇਗੀ, ਉੱਥੇ ਹੀ ਦੋਵੇਂ ਮੁਲਕਾਂ ਦੇ ਰਿਸ਼ਤਿਆਂ ’ਚ ਵੀ ਮਿਠਾਸ ਆਵੇਗੀ।