ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਪੰਚ ਖੁਦਕੁਸ਼ੀ ਕਾਂਡ: ਪਰਿਵਾਰ ਵੱਲੋਂ ਭੋਗ ਪਾਉਣ ਤੋਂ ਇਨਕਾਰ

ਵਿਧਾਇਕ ਖ਼ਿਲਾਫ਼ ਕਾਰਵਾਈ ਮੰਗੀ; ਥਾਣੇ ਅੱਗੇ ਮੁਜ਼ਾਹਰੇ ਦਾ ਐਲਾਨ
ਪਿੰਡ ਜੁਆਏ ਸਿੰਘ ਵਾਲਾ ਵਿੱਚ ਹੋਰਡਿੰਗ ਨਾਲ ਜਸ਼ਨਪ੍ਰੀਤ ਬਾਵਾ ਦੇ ਸਮਰਥਕ।
Advertisement

ਸੰਜੀਵ ਹਾਂਡਾ

ਫ਼ਿਰੋਜ਼ਪੁਰ, 8 ਜੂਨ

Advertisement

ਗੁਰੂ ਹਰਸਹਾਏ ਦੇ ਪਿੰਡ ਤਰਿੱਡਾ ਦੇ ਨੌਜਵਾਨ ਸਰਪੰਚ ਅਤੇ ‘ਆਪ’ ਦੇ ਸਰਗਰਮ ਆਗੂ ਜਸ਼ਨਪ੍ਰੀਤ ਬਾਵਾ ਦੀ ਖੁਦਕੁਸ਼ੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਰਿਵਾਰ ਨੇ ਅੱਜ ਜਸ਼ਨਪ੍ਰੀਤ ਦਾ ਭੋਗ ਪਾਉਣ ਤੋਂ ਇਨਕਾਰ ਕਰਦਿਆਂ ਸਪੱਸ਼ਟ ਐਲਾਨ ਕੀਤਾ ਕਿ ਜਦੋਂ ਤੱਕ ਜਸ਼ਨ ਨੂੰ ਇਨਸਾਫ਼ ਨਹੀਂ ਮਿਲਦਾ, ਉਸ ਦਾ ਭੋਗ ਨਹੀਂ ਪਾਇਆ ਜਾਵੇਗਾ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰ ਵੱਲੋਂ ਬੀਤੇ ਵੀਰਵਾਰ ਨੂੰ ਐੱਸਪੀ ਹੈੱਡਕੁਆਰਟਰ ਨਵੀਨ ਕੁਮਾਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਪੀਏ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਹੈਰਾਨੀ ਦੀ ਗੱਲ ਹੈ ਕਿ ਪੁਲੀਸ ਵੱਲੋਂ ਅਜੇ ਤੱਕ ਠੋਸ ਕਾਰਵਾਈ ਅਮਲ ’ਚ ਨਹੀਂ ਲਿਆਂਦੀ ਗਈ।

ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਪੀੜਤ ਪਰਿਵਾਰ ਨੇ ਭਲਕੇ ਸੋਮਵਾਰ ਨੂੰ ਥਾਣਾ ਲੱਖੋ ਕੇ ਬਹਿਰਾਮ ਦੇ ਬਾਹਰ ਮੁਜ਼ਾਹਰਾ ਕਰਨ ਦਾ ਐਲਾਨ ਵੀ ਕੀਤਾ ਹੈ। ਜ਼ਿਕਰਯੋਗ ਹੈ ਕਿ ਜਸ਼ਨਪ੍ਰੀਤ ਨੇ 31 ਮਈ ਨੂੰ ਆਪਣੇ ਘਰ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ।

ਇਸ ਮਾਮਲੇ ਵਿੱਚ ਪੁਲੀਸ ਨੇ ਹੁਣ ਤੱਕ ਜਸ਼ਨ ਦੇ ਪਿਤਾ ਤਰਸੇਮ ਬਾਵਾ ਦੇ ਬਿਆਨਾਂ ਦੇ ਆਧਾਰ ’ਤੇ ਸਿਰਫ਼ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦਾ ਦਾਅਵਾ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ‘ਆਮ ਆਦਮੀ ਪਾਰਟੀ’ ਦੇ ਨੌਜਵਾਨ ਵਿੰਗ ਦੇ ਸੂਬਾ ਸਕੱਤਰ ਦੀਪਕ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਇਲਾਕਾ ਵਾਸੀਆਂ ਨੇ ਵਿਧਾਇਕ ਸਰਾਰੀ ਅਤੇ ਉਨ੍ਹਾਂ ਦੇ ਪੀਏ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਅੱਜ ਇਲਾਕੇ ਦੇ ਪਿੰਡ ਜੁਆਏ ਸਿੰਘ ਵਾਲਾ ਵਿੱਚ ਵਿਧਾਇਕ ਦੇ ਖ਼ਿਲਾਫ਼ ਇੱਕ ਹੋਰਡਿੰਗ ਲਾਇਆ ਗਿਆ ਹੈ, ਜਿਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਜਦੋਂ ਤੱਕ ਵਿਧਾਇਕ ਅਤੇ ਉਸ ਦੇ ਪੀਏ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੁੱਖ ਮੰਤਰੀ ਸਮੇਤ ‘ਆਪ’ ਦਾ ਕੋਈ ਵੀ ਆਗੂ ਪਿੰਡ ਵਿੱਚ ਨਾ ਵੜੇ।

ਪੀੜਤਾਂ ਨੂੰ ਗੁਮਰਾਹ ਕਰ ਰਹੇ ਨੇ ਵਿਰੋਧੀ ਆਗੂ: ਸਰਾਰੀ

ਵਿਧਾਇਕ ਫ਼ੌਜਾ ਸਿੰਘ ਸਰਾਰੀ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੇ ਕੁਝ ਆਗੂ ਪਰਿਵਾਰਕ ਮੈਂਬਰਾਂ ਨੂੰ ਗੁਮਰਾਹ ਕਰਕੇ ਰਾਜਨੀਤੀ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹੋਣ ਦਾ ਦਾਅਵਾ ਕੀਤਾ ਹੈ।

Advertisement