ਸੰਵਿਧਾਨ ਬਚਾਓ ਰੈਲੀ: ਬਾਜਵਾ ਨੇ ‘ਆਪ’ ਸਰਕਾਰ ’ਤੇ ਨਿਸ਼ਾਨੇ ਸੇਧੇ
ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 15 ਜੂਨ
ਪੰਜਾਬ ਕਾਂਗਰਸ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿੱਚ ‘ਸੰਵਿਧਾਨ ਬਚਾਓ ਰੈਲੀ’ ਕੀਤੀ ਗਈ। ਇਸ ਦੌਰਾਨ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਨੂੰ ਜਿੱਥੇ ਨਿਸ਼ਾਨੇ ’ਤੇ ਲਿਆ, ਉੱਥੇ ਪੰਜਾਬ ’ਚ ਬਾਹਰੀ ਲੋਕਾਂ ਦੀ ਵਧਦੀ ਗਿਣਤੀ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਆਖਿਆ ਕਿ ਇਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਠੀਕ ਨਹੀਂ ਹੈ। ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ। ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ’ਤੇ ਸ਼ਬਦੀ ਹਮਲੇ ਕਰਦਿਆਂ ਆਖਿਆ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਦੀ ਜਵਾਨੀ ਵਿਦੇਸ਼ਾਂ ਵੱਲ ਰੁਖ਼ ਕਰ ਰਹੀ ਹੈ ਤੇ ਪਿੰਡਾਂ ’ਚ ਬਜ਼ੁਰਗ ਹੀ ਦਿਖਾਈ ਦਿੰਦੇ ਹਨ। ਬਾਹਰੀ ਲੋਕਾਂ ਦੀ ਗਿਣਤੀ ਪੰਜਾਬ ਵਿੱਚ ਤੇਜ਼ੀ ਨਾਲ ਵਧਣਾ ਖ਼ਤਰੇ ਦੀ ਘੰਟੀ ਕਿਹਾ ਜਾ ਸਕਦਾ ਹੈ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਕਿਤੇ ਆਉਣ ਵਾਲੇ ਸਮੇਂ ’ਚ ਦਸਤਾਰ ਖ਼ਤਰੇ ’ਚ ਨਾ ਪੈ ਜਾਵੇ। ਇਸ ਲਈ ਪੰਜਾਬੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਸੰਬੋਧਨ ਦੌਰਾਨ ਸੰਵਿਧਾਨ ’ਤੇ ਹੋ ਰਹੇ ਹਮਲਿਆਂ ’ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਇਸੇ ਸੰਵਿਧਾਨ ਨੇ ਦੇਸ਼ ਦੇ ਲੋਕਾਂ ਨੂੰ ਵੋਟ ਦਾ ਅਧਿਕਾਰ ਅਤੇ ਜਿਊਣਾ ਸਿਖਾਇਆ ਹੈ। ਸੁਖਜਿੰਦਰ ਰੰਧਾਵਾ ਨੇ ਪੰਜਾਬ ਵਿੱਚ ਗੈਂਗਸਟਰ ਤੇ ਨਸ਼ੇ ਵਧਣ ’ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਆਖਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੌਰਾਨ ਸਰਕਾਰ ਅਤੇ ਗੈਂਗਸਟਰ ਦੇ ਆਪਸੀ ਗੱਠਜੋੜ ਦੀ ਤਸਵੀਰ ਪ੍ਰਤੱਖ ਦੇਖਣ ਨੂੰ ਮਿਲੀ ਸੀ। ਮੰਚ ਸੰਚਾਲਨ ਉਦੈਵੀਰ ਰੰਧਾਵਾ ਨੇ ਕੀਤਾ। ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕਾ ਅਰੁਣਾ ਚੌਧਰੀ ਤੇ ਮਨਦੀਪ ਸਿੰਘ ਸਹੋਤਾ ਆਦਿ ਹਾਜ਼ਰ ਸਨ।