ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਜੂਨ
ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦਾ 118ਵਾਂ ਜਨਮ ਦਿਹਾੜਾ ਸੰਸਥਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕਰਦਿਆਂ ਮਨਾਇਆ ਗਿਆ। ਇਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਹਰ ਮਨੁੱਖ ਨੂੰ ਪੰਜ ਪੌਦੇ ਲਾਉਣ ਦੀ ਅਪੀਲ ਕੀਤੀ।
ਜਨਮ ਦਿਵਸ ਸਬੰਧੀ ਕਰਵਾਏ ਸਮਾਗਮਾਂ ਦੇ ਦੂਜੇ ਦਿਨ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਤੇ ਹੋਰ ਪਤਵੰਤੇ ਸ਼ਾਮਲ ਹੋਏ। ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ ਨੇ ਸਮਾਗਮ ਵਿੱਚ ਪੁੱਜੇ ਵਾਤਾਵਰਨ ਪ੍ਰੇਮੀਆਂ ਤੇ ਹੋਰਾਂ ਨੂੰ ਜੀ ਆਇਆਂ ਆਖਿਆ ਅਤੇ ਭਗਤ ਪੂਰਨ ਸਿੰਘ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਨ, ਪਾਣੀ ਅਤੇ ਧਰਤੀ ਸਾਰੇ ਪਲੀਤ ਹੋ ਚੁੱਕੇ ਹਨ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਵੱਲੋਂ ਵਾਤਾਵਰਨ ਸੰਭਾਲ ਸਬੰਧੀ ਦਿੱਤੇ ਉਪਦੇਸ਼ ਦਾ ਵੀ ਜ਼ਿਕਰ ਕੀਤਾ।
ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਵੇਲੇ ਪੰਜਾਬ ਦਾ ਜੰਗਲਾਤ ਹੇਠ ਰਕਬਾ ਨਾਂਹ ਦੇ ਬਰਾਬਰ ਹੈ, ਜਿਸ ਨੂੰ ਵਧਾਉਣ ਦੀ ਲੋੜ ਹੈ। ਪੰਜਾਬ ’ਚ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਵੱਡੇ ਹੰਭਲੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਰਲ ਕੇ ਪਾਣੀ ਬਚਾਉਣ ਲਈ ਕੰਮ ਕਰਨ ਲਈ ਤਿਆਰ ਹੈ ਪਰ ਇਸ ਕੰਮ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਕਈ ਵਰ੍ਹੇ ਪਹਿਲਾਂ ਸਾਨੂੰ ਵਾਤਾਵਰਨ ਬਚਾਉਣ ਦਾ ਸੱਦਾ ਦੇ ਗਏ ਸਨ ਪਰ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਉਨ੍ਹਾਂ ਨੇ ਪਿੰਗਲਵਾੜਾ ਸੰਸਥਾ ਵੱਲੋਂ ਕੀਤੇ ਜਾ ਰਹੇ ਮਨੁੱਖਤਾ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਹਰੇਕ ਮਨੁੱਖ ਨੂੰ ਪੰਜ ਪੌਦੇ ਲਾਉਣ ਦਾ ਸੱਦਾ ਦਿੱਤਾ ਅਤੇ ਕੁਦਰਤੀ ਸਰੋਤਾਂ ਦੇ ਹੋ ਰਹੇ ਦੁਰਉਪਯੋਗ ਬਾਰੇ ਵੀ ਸੁਚੇਤ ਕੀਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਵਾਤਾਵਰਨ ਦੀ ਸੰਭਾਲ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਵੱਲੋਂ ਮੁੱਖ ਬੁਲਾਰਿਆਂ ਤੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵਿਧਾਇਕ ਬੀਬੀ ਜੀਵਨਜੋਤ ਕੌਰ, ਕਾਹਨ ਸਿੰਘ ਪੰਨੂ, ਉਮੇਂਦਰ ਦੱਤ, ਡਾ. ਗੁਰਚਰਨ ਸਿੰਘ ਨੂਰਪੂਰ, ਗੁਰਪ੍ਰੀਤ ਸਿੰਘ ਚੰਦਬਾਜਾ, ਰਾਜਬੀਰ ਸਿੰਘ, ਡਾ. ਗਿਆਨ ਸਿੰਘ, ਡਾ. ਗੁਰਵਿੰਦਰ ਕੌਰ, ਡਾ. ਸ਼ਿਆਮ ਸੁੰਦਰ ਦੀਪਤੀ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੀ ਸ਼ੁਰੂਆਤ ਪਿੰਗਲਵਾੜਾ ਦੇ ਸਕੂਲੀ ਬੱਚਿਆਂ ਨੇ ਗੁਰੂ ਨਾਨਕ ਦੇਵ ਦੁਆਰਾ ਉਚਾਰਨ ਕੀਤੀ ਆਰਤੀ ਨਾਲ ਕੀਤੀ ਅਤੇ ਸਕੂਲੀ ਬੱਚੀ ਮਨਜੀਤ ਕੌਰ ਨੇ ਇਸ ਦੇ ਅਧਿਆਤਮਕ ਅਰਥਾਂ ਦੀ ਜਾਣਕਾਰੀ ਦਿੱਤੀ।
ਕੁਲਤਾਰ ਸੰਧਵਾਂ ਨੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਥਾਨਕ ਖੇਤਰੀ ਦਫ਼ਤਰ ਵੱਲੋਂ ਅੱਜ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਸਥਾਨਕ ਫਾਇਰ ਬ੍ਰਿਗੇਡ ਚੌਕ ਤੋਂ ਰਵਾਨਾ ਕੀਤਾ ਗਿਆ, ਜੋ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਮਾਨਸਾ ਰੋਡ ’ਤੇ ਪ੍ਰਾਈਮ ਟਾਈਮਜ਼ ਅਕੈਡਮੀ ਵਿੱਚ ਸਮਾਪਤ ਹੋਈ। ਸ੍ਰੀ ਸੰਧਵਾਂ ਨੇ ਰੈਲੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਅਤੇ ਬਠਿੰਡਾ ਸਾਈਕਲਿੰਗ ਗਰੁੱਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਵਾਤਾਵਰਨ ਨੂੰ ਬਚਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਦਾ ਸੰਤੁਲਨ ਬਰਕਰਾਰ ਰੱਖਣ ਲਈ ਉਚੇਚੇ ਕਦਮ ਚੁੱਕ ਰਹੀ ਹੈ।