ਜੋਗਿੰਦਰ ਸਿੰਘ ਮਾਨ
ਮਾਨਸਾ, 24 ਸਤੰਬਰ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਹੁਕਮਾਂ ਦੇ ਬਾਵਜੂਦ, ਪੰਜਾਬ ਸਰਕਾਰ ਦੇ ਅਫ਼ਸਰਾਂ ਵੱਲੋਂ ਮਾਨਸਾ ਨੇੜਲੇ ਪਿੰਡ ਫਫੜੇ ਭਾਈਕੇ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਪੀੜਤ ਪਰਿਵਾਰ ਨੂੰ ਮੁਆਵਜ਼ਾ ਅਤੇ ਸਹਾਇਤਾ ਰਾਸ਼ੀ ਨਾ ਦੇਣ ਦਾ ਨੋਟਿਸ ਲੈਂਦਿਆਂ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਡਿਵੀਜ਼ਨਲ ਕਮਿਸ਼ਨਰ ਫਰੀਦਕੋਟ ਨੂੰ ਤੁਰੰਤ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ’ਤੇ ਐੱਸਸੀ/ਐੱਸਟੀ (ਪੀਓਏ) ਐਕਟ ਤਹਿਤ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ ਫਾਈਕੇ ਦੇ ਇਕ ਲੜਕੇ ਨੂੰ ਪੰਜਾਬ ਪੁਲੀਸ ਜਾਂਚ ਦੇ ਲਈ ਥਾਣੇ ਲੈ ਗਈ ਪਰ ਜਦੋਂ ਉਹ ਮੁੰਡਾ ਘਰ ਪਰਤਿਆ ਤਾਂ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ ਸੀ। ਜ਼ਿਲ੍ਹਾ ਪੁਲੀਸ ਅਤੇ ਅਧਿਕਾਰੀਆਂ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਮਗਰੋਂ ਸ੍ਰੀ ਸਾਂਪਲਾ ਨੇ 4 ਜੂਨ ਨੂੰ ਪਿੰਡ ਫਫੜੇ ਭਾਈਕੇ ਦਾ ਦੌਰਾ ਕੀਤਾ ਅਤੇ ਮੌਕੇ ’ਤੇ ਮੌਜੂਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਆਦੇਸ਼ ਦਿੱਤੇ ਕਿ ਐੱਸਸੀ ਐਕਟ ਦੇ ਤਹਿਤ ਪੀੜਤ ਪਰਿਵਾਰ ਨੂੰ ਦਿੱਤੀ ਜਾਣ ਵਾਲੀ 8 ਲੱਖ 25 ਹਜ਼ਾਰ ਸਹਾਇਤਾ ਰਾਸ਼ੀ ਵਿੱਚੋਂ 4 ਲੱਖ 25 ਹਜ਼ਾਰ ਰੁਪਏ ਤੁਰੰਤ ਜਾਰੀ ਕਰਨ। ਮਾਨਸਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਦੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਸ੍ਰੀ ਸਾਂਪਲਾ ਨੇ ਉਨ੍ਹਾਂ ਨੂੰ ਦਿੱਲੀ ਤਲਬ ਕਰਨ ਦੇ ਆਦੇਸ਼ ਦਿੱਤੇ ਅਤੇ ਫਿਰ ਵੀ ਜਦੋਂ ਕੋਈ ਕਾਰਵਾਈ ਨਹੀਂ ਹੋਈ ਤਾਂ 21 ਸਤੰਬਰ ਨੂੰ ਮ੍ਰਿਤਕ ਦੀ ਮਾਂ ਨੇ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਸਹਾਇਤਾ ਰਾਸ਼ੀ ਅਤੇ ਹੋਰ ਸਹਾਇਤਾ ਪ੍ਰਾਪਤ ਨਹੀਂ ਹੋਈ ਹੈ।