ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 20 ਸਤੰਬਰ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਖ਼ੁਦ ਨੂੰ ਇਮਾਨਦਾਰ ਦੱਸਣ ਵਾਲੇ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸ ਚੁੱਕੇ ਹਨ। ਉਨ੍ਹਾਂ ਦਿੱਲੀ ਦੀ ਵਿਵਾਦਤ ਆਬਕਾਰੀ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਥਿਤ ਘਪਲੇ ਦੇ ਤਾਰ ਪੰਜਾਬ ਨਾਲ ਜੁੜੇ ਹੋਏ ਹਨ। ਉਹ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 52ਵੇਂ ਖੇਡ ਇਨਾਮ ਵੰਡ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕੌਮੀ, ਕੌਮਾਂਤਰੀ ਅਤੇ ਆਲ ਇੰਡੀਆ ਅੰਤਰ-’ਵਰਸਿਟੀ ਪੱਧਰ ’ਤੇ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ 268 ਖਿਡਾਰੀਆਂ ਤੇ ਕਾਲਜਾਂ ਨੂੰ ਦੋ ਕਰੋੜ ਰੁਪਏ ਦੇ ਨਕਦ ਇਨਾਮ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ‘ਆਪ’ ਸਰਕਾਰ ’ਤੇ ਦੋਸ਼ ਲਾਇਆ ਕਿ ਦਿੱਲੀ ਦੀ ਸ਼ਰਾਬ ਨੀਤੀ ਤਹਿਤ ਜਿੰਨਾ ਵੀ ਘਪਲਾ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ‘ਆਪ’ ਸੁਪਰੀਮੋ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂਅ ਲਏ ਬਿਨਾਂ ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਕਥਿਤ ਸ਼ਰਾਬ ਪੀ ਕੇ ਜਹਾਜ਼ ਵਿਚੋਂ ਉਤਾਰੇ ਜਾਣ ਦੀ ਜੋ ਖ਼ਬਰ ਆ ਰਹੀ ਹੈ, ਉਹ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਦੇ ਅਧਿਕਾਰੀਆ ਨੂੰ ਇਸ ਬਾਰੇ ਸਪਸ਼ਟ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ’ਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗਣ ਦੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।
ਸਮਾਗਮ ਮੌਕੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਵਿਭਾਗਾਂ ਦੇ ਮੁਖੀ, ਖੇਡ ਸ਼ਖਸ਼ੀਅਤਾਂ, ਕੋਚਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜਣ ’ਤੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਹਾਲੋਂ, ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਕੈਪਟਨ ਦੇ ਤਜਰਬੇ ਦਾ ਭਾਜਪਾ ਨੂੰ ਲਾਹਾ ਮਿਲਣ ਦਾ ਦਾਅਵਾ
ਜਲੰਧਰ (ਪਾਲ ਸਿੰਘ ਨੌਲੀ): ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਫਾਇਦਾ ਹੋਵੇਗਾ। ਉਹ ਅੱਜ ਇੱਥੇ ਦੋਆਬਾ ਕਾਲਜ ਦੀ 65ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਲਈ ਪਹੁੰਚੇ ਹੋਏ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਜਰਬੇਕਾਰ ਸਿਆਸਤਦਾਨ ਹਨ। ਉਨ੍ਹਾਂ ਲੰਮਾ ਸਮਾਂ ਸਿਆਸਤ ਵਿੱਚ ਗੁਜ਼ਾਰਿਆ ਹੈ, ਜਿਸ ਦਾ ਭਾਜਪਾ ਨੂੰ ਜ਼ਰੂਰ ਲਾਭ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਨਾ ਹੋਣ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਠਾਕੁਰ ਨੇ ਕਿਹਾ ਕਿ ਇਹ ਮਹਾਰਾਣੀ ਦਾ ਨਿੱਜੀ ਫ਼ੈਸਲਾ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਦੋਆਬਾ ਕਾਲਜ ਉਨ੍ਹਾਂ ਦਾ ਆਪਣਾ ਪੁਰਾਣਾ ਕਾਲਜ ਰਿਹਾ ਹੈ। ਇੱਥੇ ਆ ਕੇ ਉਨ੍ਹਾਂ ਨੂੰ ਸੁੱਖ ਦਾ ਅਹਿਸਾਸ ਹੁੰਦਾ ਹੈ।