ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਵਿਰੋਧੀ ਧਿਰ ਦੇ ਸਾਬਕਾ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਖ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵਜੀਫ਼ਾ ਘਪਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜਾਂ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਈਏਐੱਸ ਅਧਿਕਾਰੀਆਂ ਤੋਂ ਜਾਂਚ ਕਰਵਾਈ ਗਈ ਹੈ, ਜਿਨ੍ਹਾਂ ਜਾਂਚ ਦੌਰਾਨ ਕਈ ਪਹਿਲੂਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਬਨਿਟ ਮੰਤਰੀਆਂ ਦੀ ਗਲਤੀਆਂ ਲੁਕਾਉਣ ਲੱਗੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਘਪਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾਂ ਜੱਜਾਂ ਦੀ ਨਿਗਰਾਨੀ ਹੇਠ ਕਰਵਾਈ ਜਾਵੇ।