ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੂਨ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐੱਸਸੀ ਵਿੰਗ ਨੇ ਵਜ਼ੀਫਾ ਘਪਲੇ ਸਬੰਧੀ ਕੈਪਟਨ ਸਰਕਾਰ ਖ਼ਿਲਾਫ਼ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਭੁੱਖ ਹੜਤਾਲਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ’ਚ ਕਰੋੜਾਂ ਰੁਪਏ ਦਾ ਘਪਲਾ ਕਰ ਕੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਹੈ।
ਚੀਮਾ ਨੇ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਦਬਾਅ ਪਾਏ ਜਾਣ ’ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਨਿੱਜੀ ਕਾਲਜਾਂ ਨੂੰ ਵਜ਼ੀਫ਼ਾ ਰਕਮ ਜਾਰੀ ਕਰ ਦਿੱਤੀ ਹੈ ਪਰ ਜਦੋਂ ਤੱਕ ਸਰਕਾਰ 1,539 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਨਹੀਂ ਦੇ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰਾ ਜਵਾਬ ਦੇਣਗੇ।
ਇਸੇ ਦੌਰਾਨ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਤਿੰਨ ਵਾਰ ਵਿਧਾਇਕ ਰਹੇ ਮਹਿਤਾਬ ਸਿੰਘ ਅਤੇ ਬਠਿੰਡਾ ਤੋਂ ਸਮਾਜ ਸੇਵੀ ਜੋਗਿੰਦਰ ਸਿੰਘ ਕਾਕਾ ਆਪਣੇ ਸੈਂਕੜੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਖਜ਼ਾਨਚੀ ਨੀਨਾ ਮਿੱਤਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਐਂਤਕੀਂ ਮੁੱਖ ਮੰਤਰੀ ਦੇ ਚਿਹਰੇ ਨਾਲ ਚੋਣ ਮੈਦਾਨ ’ਚ ਨਿਤਰੇਗੀ ‘ਆਪ’
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਐਤਕੀਂ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਚੋਣ ਮੈਦਾਨ ਵਿਚ ਉਤਰੇਗੀ ਤੇ ਸਮੇਂ ਸਿਰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀ ਕਮਾਨ ਪੰਜਾਬ ਦੇ ਆਗੂਆਂ ਦੇ ਹੱਥ ਹੀ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਕੈਪਟਨ ਸਰਕਾਰ ਦਲਿਤਾਂ ਨਾਲ ਧ੍ਰੋਹ ਕਮਾ ਰਹੀ ਹੈ ਤੇ ਦੋ ਲੱਖ ਐੱਸਸੀ ਵਿਦਿਆਰਥੀਆਂ ਨੂੰ ਇਨਸਾਫ ਨਹੀਂ ਮਿਲ ਰਿਹਾ, ਉਨ੍ਹਾਂ ਦੇ ਹੱਕਾਂ ਲਈ ਆਮ ਆਦਮੀ ਪਾਰਟੀ ਲੜਾਈ ਲੜ ਰਹੀ ਹੈ।