ਆਤਿਸ਼ ਗੁਪਤਾ
ਚੰਡੀਗੜ੍ਹ, 29 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕਥਿਤ ਘੁਟਾਲੇ ਦੀ ਜਾਂਚ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੋਸ਼ੀ ਮਿਲਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਬੈਠੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਸਕਾਲਰਸ਼ਿਪ ਮਾਮਲੇ ਦੀ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਹਾਲੇ ਦੋਸ਼ੀ ਨਹੀਂ ਆਖਿਆ ਜਾ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿੱਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ ’ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ। ਉਨ੍ਹਾਂ ‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਕੀਤੀ ਮੰਗ ਨੂੰ ਪੂਰੀ ਤਰ੍ਹਾਂ ਅਣਅਧਿਕਾਰਤ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਾਂਚ ਪੂਰੀ ਹੋਏ ਬਿਨਾਂ ਆਪਣੇ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਖ਼ੁਦ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਇਸ ਮਾਮਲੇ ਵਿੱਚ ਹਰੇਕ ਜਾਂਚ ਲਈ ਤਿਆਰ ਹਨ।
ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ 63 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਲੰਘੇ ਦਿਨ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਸੀ।
ਧਰਮਸੋਤ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇ: ਅਟਵਾਲ
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਐੱਸਸੀ ਵਿੰਗ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਇੰਦਰਇਕਬਾਲ ਸਿੰਘ ਅਟਵਾਲ ਨੇ ਆਖਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਕਰੋੜਾਂ ਰੁਪਏ ਦੇ ਘਪਲੇ ਬਾਰੇ, ਜੋ ਤੱਥ ਉਜਾਗਰ ਹੋਏ ਹਨ, ਉਹ ਐੱਸਸੀ ਵਿਦਿਆਰਥੀਆਂ ਦੇ ਹੱਕ ’ਤੇ ਡਾਕਾ ਹੈ, ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ| ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ| ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਫਾਰਗ ਕਰ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਘਪਲੇ ‘ਚ ਸ਼ਾਮਲ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਬਖ਼ਸ਼ਿਆ ਨਾ ਜਾਵੇ|