ਖੇਤਰੀ ਪ੍ਰਤੀਨਿਧ
ਪਟਿਆਲਾ, 14 ਸਤੰਬਰ
ਵਜ਼ੀਫ਼ਾ ਘਪਲੇ ਸਬੰਧੀ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੇ ਕੰਟਰੈਕਟ ਆਧਾਰਤ ਤਿੰਨ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾ ਦਿੱਤਾ ਅਤੇ ਸੱਤ ਰੈਗੂਲਰ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਾਈਸ ਚਾਂਸਲਰ ਡਾ. ਅਰਵਿੰਦ ਨੇ ਕਿਹਾ ਕਿ ਇਸ ਸਮੁੱਚੀ ਜਾਂਚ ਚਾਰਜਸ਼ੀਟ ਲਈ ਅੱਗੇ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ’ਚ ਅਜਿਹੀ ਕਿਸੇ ਵੀ ਕਿਸਮ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਯੂਨੀਵਰਸਿਟੀ ਦੀ ਸ਼ਿਕਾਇਤ ’ਤੇ ਦਰਜ ਕੀਤੇ ਗਏ ਕੇਸ ਵਿੱਚ ਥਾਣਾ ਅਰਬਨ ਅਸਟੇਟ ਦੀ ਪੁਲੀਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਦੇ ਕੁਝ ਮੁਲਾਜ਼ਮ ਬਾਹਰੀ ਵਿਅਕਤੀਆਂ ਨਾਲ ਮਿਲ ਕੇ ਸਾਬਕਾ ਵਿਦਿਆਰਥੀਆਂ ਦੇ ਨਾਂ ’ਤੇ ਸਕਾਲਰਸ਼ਿਪ ਦੇ ਬਿੱਲ ਪਾਸ ਕਰਵਾਉਣ ਮਗਰੋਂ ਬਣਦੀ ਰਾਸ਼ੀ ਆਪਣੇ ਜਾਣਕਾਰਾਂ ਦੇ ਖਾਤਿਆਂ ਵਿਚ ਜਮ੍ਹਾ ਕਰਵਾ ਦਿੰਦੇ ਸਨ।