ਚੰਡੀਗੜ੍ਹ, 11 ਅਕਤੂਬਰ
ਪੰਜਾਬ ਦੇ ਸਮਾਜਿਕ ਨਿਆਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਅੱਜ ਬਹੁ ਕਰੋੜੀ ਪੋਸਟ ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਸਬੰਧੀ ਪੰਜ ਮੁਲਾਜ਼ਮਾਂ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਚਾਰਜਸ਼ੀਟ ਤੋਂ ਬਾਅਦ ਪੰਜਾਂ ਮੁਲਾਜ਼ਮਾਂ ਤੋਂ ਲਾਏ ਗਏ ਦੋਸ਼ਾਂ ਸਬੰਧੀ ਜਵਾਬ ਮੰਗਿਆ ਜਾਵੇਗਾ। ਇਸ ਮਾਮਲੇ ਵਿਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ’ਤੇ ਦੋਸ਼ ਲੱਗੇ ਸਨ ਕਿ ਉਸ ਨੇ ਆਏ ਫੰਡਾਂ ਵੀ ਗਲਤ ਤਰੀਕੇ ਨਾਲ ਵੰਡ ਕੀਤੀ। ਵੇਰਕਾ ਨੇ ਕਿਹਾ ਕਿ ਇਸ ਮਾਮਲੇ ਦੀ ਪਾਰਦਰਸ਼ੀ ਢੰਗ ਨਾਲ ਜਾਂਚ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ 55.71 ਕਰੋੜ ਦੇ ਘੁਟਾਲੇ ਦਾ ਵਧੀਕ ਮੁੱਖ ਸਕੱਤਰ ਵਲੋਂ ਜਾਰੀ ਕੀਤੀ ਰਿਪੋਰਟ ਵਿਚ ਖੁਲਾਸਾ ਹੋਇਆ ਸੀ। ਇਸ ਮਾਮਲੇ ਵਿਚ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਕਾਰਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਦਾ ਵਿਰੋਧੀ ਪਾਰਟੀਆਂ ਨੇ ਅਸਤੀਫਾ ਮੰਗਦਿਆਂ ਪ੍ਰਦਰਸ਼ਨ ਕੀਤੇ ਸਨ।-ਪੀਟੀਆਈ