ਨਿੱਜੀ ਪੱਤਰ ਪ੍ਰੇਰਕ
ਜਲੰਧਰ, 20 ਨਵੰਬਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਐੱਸਸੀ ਭਾਈਚਾਰੇ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਸਟੂਡੈਂਟ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਲਾਏ ਗਏ ਧਰਨੇ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ 64 ਕਰੋੜ ਦੀ ਰਕਮ ਖੁਰਦ-ਬੁਰਦ ਕਰਨ ਦੇ ਦੋਸ਼ ਲੱਗੇ ਸਨ। ਉਨ੍ਹਾਂ ਨੂੰ ਬਚਾਉਣ ਲਈ ਮੰਤਰੀ ਮੰਡਲ ’ਚ ਸ਼ਾਮਲ ਨਹੀਂ ਕੀਤਾ ਗਿਆ ਪਰ ਸੂਬਾ ਸਰਕਾਰ ਵਜ਼ੀਫਾ ਸਕੀਮ ’ਚ 64 ਕਰੋੜ ਰੁਪਏ ਦੇ ਹੋਏ ਕਥਿਤ ਘਪਲੇ ਦੀ ਗੱਲ ਨਹੀਂ ਕਰ ਰਹੀ। ਉਨ੍ਹਾਂ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਸਰਕਾਰ ਅਧੀਨ ਯੂਨੀਵਰਸਿਟੀਆਂ ਵੀ ਐੱਸਸੀ ਵਿਦਿਆਰਥੀਆਂ ਨੂੰ ਪ੍ਰੀਖਿਆ ਫੀਸ ਦੇ ਨਾਂ ’ਤੇ ਲੁੱਟ ਰਹੀਆਂ ਹਨ।
ਵਿਦਿਆਰਥੀ ਅਸ਼ੋਕ ਤੇ ਰਮੇਸ਼ ਕੁਮਾਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪਹਿਲਾਂ ਚਾਰ ਲੱਖ ਵਿਦਿਆਰਥੀ ਪੜ੍ਹਦੇ ਸਨ ਪਰ ਪੰਜਾਬ ਸਰਕਾਰ ਵੱਲੋਂ ਇਸ ਸਕੀਮ ’ਚ ਬਣਦਾ ਹਿੱਸਾ ਨਾ ਪਾਉਣ ਕਾਰਨ ਕੇਂਦਰ ਨੇ ਫੰਡ ਨਹੀਂ ਭੇਜੇ, ਜਿਸ ਕਾਰਨ ਵਿਦਿਆਰਥੀਆਂ ਦੀ ਗਿਣਤੀ ਡੇਢ ਲੱਖ ਰਹਿ ਗਈ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਉਹ ਦੋ ਵਾਰ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਮਿਲ ਚੁੱਕੇ ਹਨ ਪਰ ਮਸਲੇ ਦਾ ਕੋਈ ਹੱਲ ਨਹੀਂ ਹੋਇਆ। ਹੁਣ ਜਦੋਂ ਕੋਠੀ ਦਾ ਘਿਰਾਓ ਕਰਨ ਲਈ ਆਏ ਤਾਂ ਮੰਤਰੀ ਘਰ ਨਹੀਂ ਮਿਲੇ। ਵਿਦਿਆਰਥੀ ਘਰ ਦੇ ਬਾਹਰ ਧਰਨਾ ਦਿੰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਰਹੇ। ਪੁਲੀਸ ਨੇ ਪਰਗਟ ਸਿੰਘ ਦੇ ਘਰ ਨੂੰ ਜਾਣ ਵਾਲੇ ਰਸਤੇ ’ਤੇ ਬੈਰੀਕੇਡ ਲਾਏ ਹੋਏ ਹਨ ਤੇ ਪਾਣੀ ਦੀ ਬੁਛਾੜ ਕਰਨ ਵਾਲੀ ਗੱਡੀ ਵੀ ਡੱਕੀ ਹੋਈ ਹੈ।