ਸਕੂਲ ਵੈਨ ਡਰਾਈਵਰ ਵਲੋਂ 7ਵੀਂ ਦੀ ਵਿਦਿਆਰਥਣ ਨਾਲ ਛੇੜਛਾੜ, ਪ੍ਰਿੰਸੀਪਲ ਖ਼ਾਮੋਸ਼, ਮਾਪਿਆਂ ਵੱਲੋਂ ਧਰਨਾ
ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ਨਾਲ ਜੁੜਿਆ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਸਕੂਲ ਵੈਨ ਦੇ ਡਰਾਈਵਰ ਵਲੋਂ 7ਵੀਂ ਜਮਾਤ ਵਿੱਚ ਪੜ੍ਹਦੀ ਨਾਬਾਲਗ਼ ਬੱਚੀ ਨਾਲ ਛੇੜਛਾੜ ਕੀਤੀ ਗਈ। ਜਾਣਕਾਰੀ ਮੁਤਾਬਕ ਬੱਚੀ ਨੇ ਹਿੰਮਤ ਕਰ ਕੇ ਘਰ ਜਾ ਕੇ ਆਪਣੇ ਮਾਪਿਆਂ ਨੂੰ ਸਾਰੀ ਘਟਨਾ ਦੱਸੀ।
ਇਸ ਤੋਂ ਬਾਅਦ ਪਰਿਵਾਰ ਵਲੋਂ ਸਕੂਲ ਪ੍ਰਬੰਧਨ ਕੋਲ ਸ਼ਿਕਾਇਤ ਕੀਤੀ ਗਈ, ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਸਕੂਲ ਦੇ ਪ੍ਰਿੰਸੀਪਲ ਨੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕਥਿਤ ਕੋਸ਼ਿਸ਼ ਤਹਿਤ ਮਾਮਲੇ ’ਤੇ ਮੌਨ ਧਾਰ ਲਿਆ।
ਦੂਜੇ ਪਾਸੇ ਪੀੜਤ ਵਿਦਿਆਰਥਣ ਦੇ ਮਾਪਿਆਂ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲ ਦੇ ਗੇਟ ਅੱਗੇ ਤਿੰਨ ਘੰਟਿਆਂ ਨੂੰ ਧਰਨਾ ਦਿੱਤਾ ਹੋਇਆ ਹੈ, ਜਿਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਮੌਕੇ ’ਤੇ ਡੀਐੱਸਪੀ ਸਰਬਜੀਤ ਬਰਾੜ ਵਲੋਂ ਸਥਿਤੀ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਰਿਵਾਰ ਵਲੋਂ ਸਕੂਲ ਦੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਪੁਲੀਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲੀਸ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਤੇ ਡਰਾਈਵਰ ਖ਼ਿਲਾਫ਼ ਪੋਕਸੋ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਘਟਨਾ ਨੇ ਨਾ ਸਿਰਫ਼ ਸਕੂਲ ਪ੍ਰਬੰਧਨ ਦੀ ਜ਼ਿੰਮੇਵਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਬੱਚਿਆਂ ਦੀ ਸੁਰੱਖਿਆ ਲਈ ਸਕੂਲਾਂ ਵਲੋਂ ਕੀਤੇ ਜਾਂਦੇ ਇੰਤਜ਼ਾਮਾਂ ਦੀ ਪੋਲ ਵੀ ਖੋਲ੍ਹ ਦਿੱਤੀ ਹੈ। ਮਾਪਿਆਂ ਵਿੱਚ ਗੁੱਸਾ ਹੈ ਕਿ ਇੱਕ ਪਾਸੇ ਉਹ ਆਪਣੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇ ਨਾਂ 'ਤੇ ਮਹਿੰਗੀਆਂ ਫੀਸਾਂ ਭਰਦੇ ਹਨ, ਪਰ ਦੂਜੇ ਪਾਸੇ ਸਕੂਲ ਪ੍ਰਬੰਧਨ ਵਲੋਂ ਗੰਭੀਰ ਮਾਮਲਿਆਂ 'ਚ ਵੀ ਬੇਧਿਆਨੀ ਦਿਖਾਈ ਜਾਂਦੀ ਹੈ।
ਸਥਾਨਕ ਲੋਕਾਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਿਰਫ਼ ਡਰਾਈਵਰ ਹੀ ਨਹੀਂ, ਸਗੋਂ ਸਕੂਲ ਪ੍ਰਿੰਸੀਪਲ ਤੇ ਪ੍ਰਬੰਧਨ ਖ਼ਿਲਾਫ਼ ਵੀ ਕਾਰਵਾਈ ਹੋਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।