ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਗਿਣੀ-ਮਿਥੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੁਰੱਖਿਆ ਵਧਾਈ ਜਾਵੇ ਤਾਂ ਜੋ ਘੱਟ ਗਿਣਤੀਆਂ ਵਿੱਚ ਭਰੋਸਾ ਵਧ ਸਕੇ। ਅੱਜ ਸ੍ਰੀਨਗਰ ਵਿੱਚ ਦੋ ਅਧਿਆਪਕਾਂ ਦੀ ਹੱਤਿਆ ਦੇ ਮਾਮਲੇ ’ਤੇ ਦੁੱਖ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਅਤਿਵਾਦੀਆਂ ਨੇ ਸਕੂਲ ਵਿੱਚ ਵੜਨ ਮਗਰੋਂ ਦੋ ਅਧਿਆਪਕਾਂ ਸਤਿੰਦਰ ਕੌਰ ਤੇ ਦੀਪਕ ਚੰਦ ਨੂੰ ਬਹੁ-ਗਿਣਤੀ ਫਿਰਕੇ ਤੋਂ ਵੱਖ ਕੀਤਾ ਤੇ ਫਿਰ ਗੋਲੀ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਸਤਿੰਦਰ ਕੌਰ ਅਤੇ ਦੀਪਕ ਚੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਕਸ਼ਮੀਰ ਵਿੱਚ ਕਸ਼ਮੀਰੀ ਪੰਡਤ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਕ ਵਫ਼ਦ ਛੇਤੀ ਹੀ ਸ੍ਰੀਨਗਰ ਜਾ ਕੇ ਉੱਥੋਂ ਦੇ ਘੱਟ ਗਿਣਤੀ ਭਾਈਚਾਰੇ ਨਾਲ ਮੁਲਾਕਾਤ ਕਰੇਗਾ ਤੇ ਯੂਟੀ ਪ੍ਰਸ਼ਾਸਨ ਨੂੰ ਮਿਲ ਕੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀ ਸੁਰੱਖਿਆ ਵਧਾਉਣ ਦੀ ਅਪੀਲ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਜਾਵੇਗਾ ਲਖੀਮਪੁਰ ਖੀਰੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫ਼ਦ ਭਲਕੇ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉੱਥੇ ਪਹੁੰਚ ਕੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫ਼ਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਨਗੇ।