ਗਗਨਦੀਪ ਅਰੋੜਾ
ਲੁਧਿਆਣਾ, 11 ਨਵੰਬਰ
ਅੰਮ੍ਰਿਤਸਰ ‘ਚ ਧਰਨੇ ਦੌਰਾਨ ਹਿੰਦੂ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਘਟਨਾ ਮਗਰੋਂ ਹੁਣ ਲੁਧਿਆਣਾ ਪੁਲੀਸ ਵੱਲੋਂ ਹਿੰਦੂ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਵੱਲੋਂ ਹਿੰਦੂ ਆਗੂਆਂ ਨੂੰ ਬਗੈਰ ਸੁਰੱਖਿਆ ਛਤਰੀ ਦੇ ਘਰੋਂ ਬਾਹਰ ਨਾ ਨਿਕਲਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅਣਪਛਾਤਿਆਂ ਨਾਲ ਗੱਲ ਨਾ ਕਰਨ ਅਤੇ ਘਰਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਹਿੰਦੂ ਆਗੂ ਤੇ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਹੁਣ ਸਥਾਨਕ ਖੁਫ਼ੀਆ ਤੇ ਪੁਲੀਸ ਵਿਭਾਗ ਵੱਲੋਂ ਅੱਜ ਮੁੜ ਸ਼ਹਿਰ ਦੇ ਹਿੰਦੂ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ। ਪੁਲੀਸ ਵੱਲੋਂ ਹਿੰਦੂ ਆਗੂਆਂ ਨੂੰ ਕਿਸੇ ਅਣਪਛਾਤੇ ਪੱਤਰਕਾਰ ਨੂੰ ਇੰਟਰਵਿਊ ਨਾ ਦੇਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੇ ਵਾਹਨਾਂ ਆਦਿ ਨੂੰ ਵੀ ਸੀਸੀਟੀਵੀ ਕੈਮਰਿਆਂ ਦੀ ਕਵਰੇਜ ਵਿੱਚ ਲਿਆਉਣ ਅਤੇ ਸਥਾਨਕ ਥਾਣਿਆਂ ਦੀ ਪੁਲੀਸ ਨਾਲ ਰਾਬਤਾ ਬਣਾਈ ਰੱਖਣ ਲਈ ਕਿਹਾ ਗਿਆ ਹੈ। ਪੁਲੀਸ ਵੱਲੋਂ ਹਿੰਦੂ ਆਗੂਆਂ ਦੀਆਂ ਰਿਹਾਇਸ਼ਾਂ ਨੇੜਲੇ ਇਲਾਕਿਆਂ ਵਿੱਚ ਗਸ਼ਤ ਵੀ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਪੁਲੀਸ ਨੇ ਪਿਛਲੇ ਦਿਨੀਂ ਛੇ ਹਿੰਦੂ ਆਗੂਆਂ ਨੂੰ ਬੁਲੇਟ ਪਰੂਫ਼ ਜੈਕੇਟਾਂ ਦਿੱਤੀਆਂ ਸਨ। ਸੂਤਰ ਦੱਸਦੇ ਹਨ ਸ਼ਿਵ ਸੈਨਾ ਪੰਜਾਬ ਦੇ ਆਗੂ ਰਾਜੀਵ ਟੰਡਨ, ਅਮਿਤ ਅਰੋੜਾ ਤੇ ਗੁਰਸਿਮਰਨ ਮੰਡ ਨਾਲ ਪੁਲੀਸ ਨੇ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਤੇ ਉਨ੍ਹਾਂ ਨੂੰ ਬੁਲੇਟ ਪਰੂਫ਼ ਜੈਕੇਟਾਂ ਤੋਂ ਬਿਨਾਂ ਘਰੋਂ ਬਾਹਰ ਨਿਕਲਣ ‘ਤੇ ਸਖ਼ਤ ਮਨਾਹੀ ਕੀਤੀ ਹੋਈ ਹੈ। ਪੁਲੀਸ ਕਮਿਸ਼ਨਰ ਡਾ. ਕੌਸਤਬ ਸ਼ਰਮਾ ਦਾ ਕਹਿਣਾ ਹੈ ਕਿ ਹਿੰਦੂ ਆਗੂਆਂ ਦੀ ਸੁਰੱਖਿਆ ਬਾਰੇ ਸਰਕਾਰ ਦੇ ਨਿਰਦੇਸ਼ਾਂ ‘ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ ਹਿੰਦੂ ਆਗੂਆਂ ਤੇ ਆਰਐੱਸਐੱਸ ਸ਼ਾਖਾਵਾਂ ਦੀ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰ ਪੰਜਾਬ ‘ਚ ਅਮਨ-ਸ਼ਾਂਤੀ ਭੰਗ ਨਾ ਕਰ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ: ਮਜੀਠੀਆ
ਚੰਡੀਗੜ੍ਹ (ਟਨਸ): ਸ਼੍ਰੋੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਗ੍ਰਹਿ ਮੰਤਰੀ ਹਨ, ਪੰਜਾਬ ਵਿੱਚ ਅਮਨ ਕਾਨੂੰਨ ਵਿਵਸਥਾ ਢਹਿ-ਢੇਰੀ ਹੋਣ ਦੀ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਅਸਤੀਫ਼ਾ ਦੇਣ। ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਕਦੇ ਵੀ ਅਮਨ ਕਾਨੂੰਨ ਵਿਵਸਥਾ ਦੀ ਇੰਨੀ ਮਾੜੀ ਹਾਲਤ ਨਹੀਂ ਹੋਈ, ਜਿੰਨੀ ਇਸ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਨ੍ਹਾਂ ਹਾਲਾਤਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ, ਇਸ ਲਈ ਉਨ੍ਹਾਂ ਨੂੰ ਤੁਰੰਤ ਇਸ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਦੌਰਾਨ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਰਿਹਾਅ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਗਲਾਪਣ ਨਹੀਂ ਹੋਣਾ ਚਾਹੀਦਾ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।