ਤਿਉਹਾਰਾਂ ਦੇ ਮੱਦੇਨਜ਼ਰ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਸਖ਼ਤ: ਡੀ.ਜੀ.ਪੀ
ਜਗਤਾਰ ਸਿੰਘ ਲਾਂਬਾ ਤਿਉਹਾਰਾਂ ਦੌਰਾਨ ਅਤੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ ਐੱਸ ਆਈ) ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਮਿਲੀ ਖੁਫੀਆ ਜਾਣਕਾਰੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਤੇ ਖ਼ਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ...
ਜਗਤਾਰ ਸਿੰਘ ਲਾਂਬਾ
ਤਿਉਹਾਰਾਂ ਦੌਰਾਨ ਅਤੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ ਐੱਸ ਆਈ) ਵੱਲੋਂ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਬਾਰੇ ਮਿਲੀ ਖੁਫੀਆ ਜਾਣਕਾਰੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਤੇ ਖ਼ਾਸ ਕਰਕੇ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸੱਤ ਜ਼ਿਲ੍ਹਿਆਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਅੱਜ ਡੀਜੀਪੀ ਗੌਰਵ ਯਾਦਵ ਨੇ ਇੱਥੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ ਅਤੇ ਕਾਨੂੰਨ-ਵਿਵਸਥਾ ਦੀ ਸਮੀਖਿਆ ਕੀਤੀ। ਡੀ.ਜੀ.ਪੀ. ਨੇ ਦੱਸਿਆ ਕਿ ਖ਼ਾਸ ਖੁਫੀਆ ਇਨਪੁੱਟ ਮਿਲੇ ਹਨ ਕਿ ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਪਾਕਿਸਤਾਨ ਦੀ ਖੂਫੀਆ ਏਜੰਸੀ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਨੂੰ ਭੰਗ ਕਰਨ ਲਈ ਯਤਨਸ਼ੀਲ ਹੈ। ਇਸ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਭਰ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਪੰਜਾਬ ਪੁਲੀਸ ਨੇ 57 ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਹਨ, ਜਿਨ੍ਹਾਂ ਵਿੱਚ 7 ਬੀ.ਐੱਸ.ਐੱਫ. ਦੀਆਂ ਕੰਪਨੀਆਂ ਵੀ ਹਨ ਅਤੇ ਇਨ੍ਹਾਂ ਨੂੰ ਹਰ ਇਕ ਬਾਰਡਰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 2,347 ਗੈਂਗਸਟਰ ਗ੍ਰਿਫ਼ਤਾਰ ਕੀਤੇ ਹਨ, 886 ਅਪਰਾਧੀ ਮੋਡਿਊਲ ਤੋੜੇ ਗਏ ਹਨ ਅਤੇ 1,968 ਹਥਿਆਰ ਬਰਾਮਦ ਕੀਤੇ ਗਏ ਹਨ। ਮੀਟਿੰਗ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਕਾਊਂਟਰ ਇੰਟੈਲੀਜੈਂਸ ਦੇ ਏਡੀਜੀਪੀ, ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਦੇ ਏਆਈਜੀ, ਪੁਲੀਸ ਕਮਿਸ਼ਨਰ ਅੰਮ੍ਰਿਤਸਰ ਆਦਿ ਸ਼ਾਮਲ ਸਨ।